ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵੀ ਵਧਦੀਆਂ ਦਿਸ ਰਹੀਆਂ ਹਨ। ਇੱਕ ਪਾਸੇ ਆਮ ਆਦਮੀ ਪਾਰਟੀ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਸੀ.ਬੀ.ਆਈ. ਜਾਂਚ ਦੀ ਤਿਆਰੀ ਕਰ ਲਈ ਹੈ, ਜਿਸ ਵਿੱਚ ਧਰਮਸੋਤ ‘ਤੇ ਦੋਸ਼ ਲੱਗੇ ਹਨ, ਦੂਜੇ ਪਾਸੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੀ ਰਾਹਤ ਨਹੀਂ ਮਿਲ ਰਹੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵੀ ਮਨਜ਼ੂਰ ਨਹੀਂ ਹੋ ਰਹੀ। ਹੁਣ ਅਦਾਲਤ ਇਸ ਦੀ ਸੁਣਵਾਈ 22 ਅਗਸਤ ਨੂੰ ਕਰੇਗੀ।
ਜਿਕਰਯੋਗ ਹੈ ਕਿ 16 ਅਗਸਤ ਨੂੰ ਹਾਈਕੋਰਟ ਵਲੋਂ ਸੁਣਵਾਈ ਕਰਦਿਆਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ 18 ਅਗਸਤ ਤੱਕ ਟਾਲ ਦਿੱਤੀ ਸੀ। ਧਰਮਸੋਤ ਦੇ ਵਕੀਲ ਦਿਓਲ ਦਾ ਕਹਿਣਾ ਹੈ ਕਿ ਸਾਬਕਾ ਮੰਤਰੀ ਨੂੰ ਫਸਾਇਆ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ਼ ਰਿਸ਼ਵਤਖੋਰੀ ਦਾ ਕੋਈ ਸਿੱਧਾ ਸਬੂਤ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਭ੍ਰਿਸ਼ਚਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈ। ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ ਸੀ। ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਉਨ੍ਹਾਂ ਦੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਸਨ।
ਦੂਜੇ ਪਾਸੇ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ CBI ਜਾਂਚ ਹੋਵੇਗੀ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਸ਼ਿਕੰਜਾ ਕੱਸਿਆ ਜਾਵੇਗਾ।
ਧਰਮਸੋਤ ਦੇ ਸਮਾਜਿਕ ਸੁਰੱਖਿਆ ਮੰਤਰੀ ਹੁੰਦੇ ਹੋਏ ਇਹ ਘੁਟਾਲਾ ਸਾਹਮਣੇ ਆਇਆ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਧਰਮਸੋਤ ਨੂੰ ਕਲੀਨ ਚਿੱਟ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਸੀਐਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਕਾਲਰਸ਼ਿਪ ਘੁਟਾਲੇ ਨਾਲ ਜੁੜੀਆਂ ਸਾਰੀਆਂ ਫਾਈਲਾਂ ਆਪਣੇ ਕੋਲ ਰੱਖੀਆਂ ਸਨ। ਸੂਤਰਾਂ ਮੁਤਾਬਕ CBI ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਇਸ ਦੀ ਜਾਂਚ ਕਰਨਾ ਚਾਹੁੰਦੀ ਹੈ। ਜਿਸ ‘ਤੇ ਸੀ.ਐਮ ਮਾਨ ਨੇ ਹਾਮੀ ਭਰੀ। ਜਾਂਚ ਸ਼ੁਰੂ ਹੁੰਦੇ ਹੀ ਸਾਰੀਆਂ ਫਾਈਲਾਂ ਸੀਬੀਆਈ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: