ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਸਿੱਖ ਕੁੜੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਨਿਕਾਹ ਕਰਵਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸਿੱਖ ਲੜਕੀ ਦੇ ਵਿਆਹ ਤੋਂ ਪਹਿਲਾਂ ਉਸ ਦਾ ਧਰਮ ਪਰਿਵਰਤਨ ਵੀ ਕਰ ਦਿੱਤਾ ਗਿਆ। ਇਸ ਪੂਰੇ ਮਾਮਲੇ ਦਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਸਖਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ।
ਚਿੱਠੀ ਵਿਚ DSGMC ਨੇ ਲਿਖਿਆ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ਅਤੇ ਸਿੱਖਾਂ ਦੀ ਹਾਲਤ ਦਿਨੋਂ-ਦਿਨ ਖਰਾਬ ਜਾ ਰਹੀ ਹੈ ਅਤੇ ਉਹ ਪਾਕਿਸਤਾਨ ਵਿੱਚ ਲਗਾਤਾਰ ਖਤਰੇ ਵਿੱਚ ਰਹਿ ਰਹੇ ਹਨ। ਜੇਕਰ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਬਾਕੀ ਰਹਿੰਦੇ ਹਿੰਦੂ ਅਤੇ ਸਿੱਖ ਭਾਈਚਾਰਿਆਂ ਦਾ ਅਫਗਾਨਿਸਤਾਨ ਵਾਂਗ ਪਾਕਿਸਤਾਨ ਵਿੱਚ ਵੀ ਸਫਾਇਆ ਹੋ ਜਾਵੇਗਾ।
ਖੈਬਰ ਪਖਤੂਨਖਵਾ ਸੂਬੇ ਵਿੱਚ ਰਹਿਣ ਵਾਲੇ ਗੁਰਬਚਨ ਸਿੰਘ ਦੀ ਧੀ ਦੀਨਾ ਕੌਰ ਇੱਕ ਅਧਿਆਪਕਾ ਹੈ। ਸ਼ਨੀਵਾਰ ਸਵੇਰੇ ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਸਕੂਲ ਪਹੁੰਚਣ ਤੋਂ ਪਹਿਲਾਂ ਰਸਤੇ ‘ਚ ਹੀ ਉਸ ਨੂੰ ਅਗਵਾ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਦਾ ਧਰਮ ਬਦਲ ਦਿੱਤਾ ਗਿਆ ਅਤੇ ਉਸ ਦਾ ਜ਼ਬਰਦਸਤੀ ਨਿਕਾਹ ਕਰਵਾਇਆ ਗਿਆ। ਦੀਨਾ ਕੌਰ ਦੇ ਅਗਵਾ ਹੋਣ ਦਾ ਪਤਾ ਲੱਗਣ ’ਤੇ ਗੁਰਬਚਨ ਸਿੰਘ ਅਤੇ ਇਲਾਕੇ ਦੇ ਲੋਕ ਪੁਲਿਸ ਕੋਲ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਚੁੱਪ ਰਹਿਣ ਲਈ ਕਿਹਾ ਕਿ ਲੜਕੀ ਨੇ ਧਰਮ ਪਰਿਵਰਤਨ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਗੁਰਬਚਨ ਸਿੰਘ ਦੀ ਐਫਆਈਆਰ ਵੀ ਦਰਜ ਨਹੀਂ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਬੇਨਤੀ ਕਰਦੀ ਹੈ ਕਿ ਕਿ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਪਾਕਿਸਤਾਨ ਦੇ ਹਮਰੁਤਬਾ ਨਾਲ ਉਠਾਓ ਅਤੇ ਇਹ ਯਕੀਨੀ ਬਣਾਓ ਕਿ ਅਗਵਾ ਕੀਤੀ ਗਈ ਲੜਕੀ ਨੂੰ ਇੱਥੇ ਪਰਿਵਾਰ ਨਾਲ ਮਿਲਾਇਆ ਜਾਵੇ।