ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ ‘ਤੇ ਹਨ। ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਵੀ ਜਾਂਚ ਹੋਵੇਗੀ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਮਨਪ੍ਰੀਤ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ।
ਹੁਣ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਨਾਜ ਟਰਾਂਸਪੋਰਟ ਘਪਲੇ ਦੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।
ਸਾਧੂ ਸਿੰਘ ਧਰਮਸੋਤ ਜੇਲ੍ਹ ਵਿੱਚ ਹੈ, ਜਦੋਂਕਿ ਆਸ਼ੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰ ਕਈ ਕਾਂਗਰਸੀ ਆਗੂ ਵਿਜੀਲੈਂਸ ਦੇ ਨਿਸ਼ਾਨੇ ’ਤੇ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਲਈ ਕੈਂਡਲ ਮਾਰਚ, ਪੁੱਤ ਦੀ ਮੌਤ ਦਾ ਇਨਸਾਫ਼ ਮੰਗ ਰਹੇ ਮਾਪੇ, ਸਰਕਾਰ ਅੱਗੇ ਰਖੀਆਂ 3 ਮੰਗਾਂ
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹਨ, ਹਾਲਾਂਕਿ ਗਿਲਜੀਆਂ ਨੇ ਅਦਾਲਤ ‘ਚੋਂ ਜ਼ਮਾਨਤ ਲੈ ਲਈ ਹੈ। ਵਿਜੀਲੈਂਸ ਜਲਦ ਹੀ ਕਿਸੇ ਵੱਡੇ ਸਾਬਕਾ ਨੇਤਾ ਖਿਲਾਫ ਕਾਰਵਾਈ ਕਰ ਸਕਦੀ ਹੈ। ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਵਿਜੀਲੈਂਸ ਵਿਭਾਗ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: