ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਵਿੱਚ ਚੱਲ ਰਹੇ 15 ਪੀਣ ਯੋਗ ਨਹਿਰੀ ਜਲ ਸਪਲਾਈ ਪ੍ਰੋਜੈਕਟਾਂ ਦਾ ਢਾਂਚਾ ਜਲਦੀ ਮੁਕੰਮਲ ਕੀਤਾ ਜਾਵੇ। ਉਹ ਜਲ ਸਪਲਾਈ ਅਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬਿਹਤਰ ਤਾਲਮੇਲ ਲਿਆਉਣ ਲਈ ਮੀਟਿੰਗ ਕਰ ਰਹੇ ਸਨ।
ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਰਾਹੀਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਰੀਬ 1700 ਪਿੰਡਾਂ ਨੂੰ ਪੀਣ ਯੋਗ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦਰਮਿਆਨ ਸੁਚੱਜੇ ਤਾਲਮੇਲ ਨਾਲ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜਿੰਪਾ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਸਤਾਵਿਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਖੇਤਰਾਂ ਵਿੱਚ ਦੋਵਾਂ ਵਿਭਾਗਾਂ ਵਿੱਚ ਤਾਲਮੇਲ ਦੀ ਘਾਟ ਕਾਰਨ ਕਈ ਪ੍ਰਾਜੈਕਟ ਪਛੜ ਜਾਂਦੇ ਹਨ, ਜਦੋਂ ਕਿ ਅਜਿਹੇ ਕੰਮ ਆਪਸੀ ਤਾਲਮੇਲ ਨਾਲ ਆਸਾਨੀ ਨਾਲ ਨੇਪਰੇ ਚਾੜ੍ਹੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਹੱਕ ‘ਚ ਆਏ ਸੰਦੀਪ ਜਾਖੜ, ਕਾਂਗਰਸ ਪ੍ਰਧਾਨ ਵੜਿੰਗ ਲਈ ਕਹੀ ਇਹ ਗੱਲ
ਉਨ੍ਹਾਂ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਪੁਖਤਾ ਹਦਾਇਤ ਕੀਤੀ ਤਾਂ ਜੋ ਵਿਭਾਗਾਂ ਵਿੱਚ ਤਾਲਮੇਲ ਦੀ ਘਾਟ ਦਾ ਖਮਿਆਜ਼ਾ ਲੋਕਾਂ ਨੂੰ ਨਾ ਝੱਲਣਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਵੱਧ ਤੋਂ ਵੱਧ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਕਰਵਾਈ ਜਾਵੇ। ਸਮੇਂ-ਸਮੇਂ ‘ਤੇ ਪਾਣੀ ਦੇ ਨਮੂਨੇ ਲੈਣ ਅਤੇ ਜਾਂਚ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਮੰਤਰੀ ਜਿੰਪਾ ਨੇ ਕਿਹਾ ਕਿ ਸੂਬੇ ਦੇ ਉਨ੍ਹਾਂ ਖੇਤਰਾਂ ਵਿੱਚ ਤੁਰੰਤ ਆਰ.ਓ ਲਗਾਏ ਜਾਣ, ਜਿੱਥੇ ਪਾਣੀ ਪੀਣ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਆਰਸੈਨਿਕ ਪ੍ਰਭਾਵਿਤ ਖੇਤਰਾਂ ਵਿੱਚ ਆਈਆਈਟੀ ਮਦਰਾਸ ਦੇ ਸਹਿਯੋਗ ਨਾਲ ਆਰਸੈਨਿਕ-ਆਇਰਨ ਰਿਮੂਵਲ ਪਲਾਂਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸ਼ੁੱਧ ਪਾਣੀ ਪੀ ਸਕਣ।
ਜਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੇਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ। ਪ੍ਰਸਤਾਵਿਤ ਪ੍ਰੋਜੈਕਟ ਹੁਸ਼ਿਆਰਪੁਰ ਸ਼ਹਿਰ, ਗੜ੍ਹਸ਼ੰਕਰ ਅਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ ਖੇਤਰ ਦੇ 350 ਪਿੰਡਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਸਮੁੱਚੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸਤਹੀ ਜਲ ਸਪਲਾਈ ਨਾਲ ਜੋੜਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਮੁੱਖ ਮੰਤਰੀ ਮਾਨ ਦੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਕਿਹਾ।ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਬਣ ਰਹੇ 59 ਐਸ.ਟੀ.ਪੀ. ਉਨ੍ਹਾਂ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਟਰੀਟ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ।