ਪੰਜਾਬ ਵਿਚ ਕਿਸਾਨਾਂ ਦੀ ਆਤਮਹੱਤਿਆ ਦੇ ਮਾਮਲੇ ਘੱਟ ਨਹੀਂ ਰਹੇ ਹਨ। ਪਿਛਲੇ ਸਾਲ ਨਰਮਾ ਦੀ ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਦੇ ਸਾਹਮਣੇ ਚੱਲ ਰਹੇ ਧਰਨੇ ਦੌਰਾਨ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ (65 ਸਾਲ) ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਰਾਏਕੇ ਕਲਾਂ (ਬਠਿੰਡਾ) ਵਜੋਂ ਹੋਈ ਹੈ।
ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਦੱਸਿਆ ਕਿ ਬਿੰਦਰ ਸਿੰਘ ਕਾਫੀ ਸਮਾਂ ਪਹਿਲਾਂ ਨਸ਼ਾ ਤਸਕਰੀ ਦੇ ਕੇਸ ਵਿਚ ਬੰਦ ਸਾਬਕਾ ਡੀਐੱਸਪੀ ਜਗਦੀਸ਼ ਭੋਲਾ ਦੇ ਪਿੰਡ ਰਾਏਕੇ ਕਲਾਂ ਸਥਿਤ ਪਰਿਵਾਰ ਦੇ ਆੜ੍ਹਤੀ ਕੋਲੋਂ ਕਰਜ਼ਾ ਲਿਆ ਹੋਇਆ ਸੀ। ਇਸ ਕਰਜ਼ ਨੂੰ ਲੈ ਕੇ ਸਮਝੌਤਾ ਵੀ ਹੋ ਗਿਆ ਸੀ ਪਰ ਆੜ੍ਹਤੀ ਫਿਰ ਤੋਂ 1.75 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਖੁਦਕੁਸ਼ੀ ਕਰ ਲਈ।
ਲਗਭਗ 1 ਵਜੇ ਡੀਸੀ ਦਫਤਰ ਦੇ ਗੇਟ ਦੇ ਅੱਗੇ ਚੱਲ ਰਹੇ ਧਰਨੇ ਦੌਰਾਨ ਉਸ ਨੇ ਸਾਈਡ ‘ਤੇ ਹੋ ਕੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ। ਇਸ ਦਾ ਤੁਰੰਤ ਹੀ ਪਤਾ ਲੱਗ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ।
ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਖੁਦਕੁਸ਼ੀ ਦਾ ਮੁੱਦਾ ਚੁੱਕਿਆ ਸੀ ਕਿ ਜੇਕਰ ਪਾਰਟੀ ਸੱਤਾ ਵਿਚ ਆਈ ਤਾਂ ਕਿਸਾਨਾਂ ਦੀ ਖੁਦਕੁਸ਼ੀ ਰੁਕ ਜਾਵੇਗੀ ਪਰ ਅਜੇ ਵੀ ਕਿਸਾਨਾਂ ਵੱਲੋਂ ਆਤਮਹੱਤਿਆ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਇਸ ਨੂੰ ਕੰਟਰੋਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -: