ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ ਉਕਤ ਸਭਾ ਵਿਚ ਘੋਟਾਲਾ ਕਰਨ ਲਈ ਜਿੰਮੇਵਾਰ ਸੱਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਜਿਸ ਵਿਚੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਦੌਰਾਨ ਉਕਤ ਕੋ-ਆਪ੍ਰੇਟਿਵ ਸੋਸਾਇਟੀ ਦੇ ਅਧਿਕਾਰੀ/ਕਰਮਚਾਰੀਆਂ ਵੱਲੋ ਮਿਲੀਭੁਗਤ ਕਰਕੇ 4,24,02,561 ਰੁਪਏ ਦਾ ਗਬਨ ਸਾਹਮਣੇ ਆਇਆ ਹੈ। ਇਸ ਸਬੰਧੀ ਬਿਓਰੋ ਵਲੋਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ ਮੁਅੱਤਲੀ ਅਧੀਨ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਹਰਵੇਲ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਅਤੇ ਰਾਮ ਪਾਲ ਸਾਬਕਾ ਮੈਂਬਰ ਵਾਸੀ ਪੱਦੀ ਮੱਟਵਾਲੀ ਖਿਲਾਫ਼ ਮੁਕੱਦਮਾ ਨੰਬਰ: 16 ਮਿਤੀ 05.09.2022 ਅ/ਧ 408, 420, 465, 467, 468, 477-ਏ, 120-ਬੀ-ਆਈ.ਪੀ.ਸੀ. ਅਤੇ 13(1)ਏ, 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੋਸ਼ੀ ਪ੍ਰੇਮ ਸਿੰਘ, ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲਿਜ਼ ਟ੍ਰਸ ਹੋਣਗੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ, ਰਿਸ਼ੀ ਸੂਨਕ ਨੂੰ ਕਰੀਬੀ ਮੁਕਾਬਲੇ ‘ਚ ਹਰਾਇਆ
ਉਨ੍ਹਾਂ ਦੱਸਿਆ ਕਿ ਕਜਲਾ ਬਹੁਮੰਤਵੀ ਕੋ-ਆਪ੍ਰੇਟਿਵ ਸੋਸਾਇਟੀ ਪਿੰਡ ਕਜਲਾ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ, ਉਕਤ ਸਭਾ ਪਾਸ 02 ਟਰੈਕਟਰ ਵੱਡੀ ਮਾਤਰਾ ਵਾਹੀਯੋਗ ਜ਼ਮੀਨ ਨਾਲ ਸਬੰਧੀ ਖੇਤੀਬਾੜੀ ਦੇ ਸੰਦ ਹਨ। ਇਸ ਤੋਂ ਇਲਾਵਾ ਉਕਤ ਸੁਸਾਇਟੀ ਵੱਲੋਂ ਖਾਦਾ ਅਤੇ ਕੀਟ ਨਾਸ਼ਕ ਦਵਾਈਆਂ ਆਦਿ ਵੀ ਕਿਸਾਨਾਂ ਨੂੰ ਵੇਚੀਆਂ ਜਾਂਦੀਆਂ ਹਨ। ਉਕਤ ਸੁਸਾਇਟੀ ਵਿੱਚ ਕੁੱਲ 02 ਕਰਮਚਾਰੀ ਵੱਖ-ਵੱਖ ਜਗਾ ਕੰਮ ਕਰ ਰਹੇ ਹਨ ਅਤੇ ਇਹਨਾਂ ਕਰਮਚਾਰੀਆਂ ਨੂੰ ਉਕਤ ਸਭਾ ਵੱਲੋਂ ਹੀ ਤਨਖਾਹ ਦਿੱਤੀ ਜਾਂਦੀ ਹੈ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਇਆ ਦੀਆਂ ਐਫ.ਡੀ.ਆਰਜ਼ ਕਰਵਾਈਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਉਕਤ ਸੁਸਾਇਟੀ ਦੀ ਅਚਨਚੇਤ ਚੈਕਿੰਗ ਕੀਤੀ ਗਈ, ਅਤੇ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਿਕ ਉਕਤ ਸਭਾ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਹੋਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘੋਟਾਲੇ ਵਿਚ ਸ਼ਾਮਲ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।