ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਨੇ ਭਾਰਤਾ ਜਨਤਾ ਪਾਰਟੀ ਜੁਆਇਨ ਕਰ ਲਈ। ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਉਹ ਨਾ ਸਿਰਫ ਪਾਰਟੀ ਵਿਚ ਸ਼ਾਮਲ ਹੋਏ ਸਗੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿਚ ਰਲੇਵਾਂ ਕਰ ਦਿੱਤਾ।
ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਲ ਕਿਉਂ ਨਹੀਂ ਹੋਏ ਤਾਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਪਤਨੀ ਉਹੀ ਕਰੇ ਜੋ ਉਸ ਦਾ ਪਤੀ ਕਰਦਾ ਹੈ।
PLC ਨੇ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ ਉਸ ਦਾ ਇਕ ਵੀ ਉਮੀਦਵਾਰ ਜਿੱਤ ਨਹੀਂ ਸਕਿਆ ਸੀ ਤੇ ਖੁਦ ਕੈਪਟਨ ਵੀ ਆਪਣੇ ਗੜ੍ਹ ਪਟਿਆਲਾ ਸ਼ਹਿਰ ਤੋਂ ਹਾਰ ਗਏ ਸਨ।
ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਸਿੰਘ ਬਲਿਆਂਵਾਲ ਨੇ ਪਹਿਲਾਂ ਦੱਸਿਆ ਸੀ ਕਿ ਕੈਪਟਨ ਸੋਮਵਾਰ ਨੂੰ ਦਿੱਲੀ ਵਿਚ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਹੋਣਗੇ। ਰੀੜ੍ਹ ਦੀ ਹੱਡੀ ਦੀ ਸਰਜਰੀ ਦੇ ਬਾਅਦ ਲੰਦਨ ਤੋਂ ਪਰਤਨ ਦੇ ਬਾਅਦ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ, ਪੰਜਾਬ ਵਿਚ ਨਸ਼ੀਲੇ ਪਦਾਰਥ, ਅੱਤਵਾਦ ਦੇ ਵਧਦੇ ਮਾਮਲਿਆਂ ਦੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੀ ਰੂਪਰੇਖਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: