ਰੂਸ-ਯੂਕਰੇਨ ਜੰਗ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 21 ਸਤੰਬਰ ਨੂੰ ਯੂਕਰੇਨ ਦੇ ਚਾਰ ਇਲਾਕਿਆਂ ਵਿੱਚ 3 ਲੱਖ ਰਿਜ਼ਰਵ ਸੈਨਿਕਾਂ ਦੀ ਤਾਇਨਾਤੀ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਦੇਸ਼ ਭਰ ਵਿੱਚ ਪ੍ਰਦਰਸ਼ਨ ਸ਼ੁਰੂ ਹੋ ਗਏ। ਪੁਲਿਸ ਨੇ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਖਬਰਾਂ ਮੁਤਾਬਕ ਯੇਕਾਟੇਰਿਨਬਰਗ ਸਣੇ ਕੁਝ ਸ਼ਹਿਰਾਂ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਘਰਾਂ ਨੂੰ ਪਰਤਣ ਦੀ ਅਪੀਲ ਕੀਤੀ ਸੀ। ਪ੍ਰਦਰਸ਼ਨ ਤੇਜ਼ ਹੋਣ ਤੋਂ ਬਾਅਦ ਪੁਲਿਸ ਨੇ ਲੋਕਾਂ ‘ਤੇ ਲਾਠੀਚਾਰਜ ਕੀਤਾ।
ਪ੍ਰਦਰਸ਼ਨਾਂ ਅਤੇ ਪੁਲਿਸ ਨਾਲ ਝੜਪਾਂ ਦੇ ਕੁਝ ਵੀਡੀਓ ਵਾਇਰਲ ਹੋਏ ਹਨ। ਇਸ ‘ਚ ਪੁਲਸ ਨੂੰ ਲੋਕਾਂ ਨਾਲ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਰਿਪੋਰਟਾਂ ਮੁਤਾਬਕ ਪੁਲਿਸ ਨੂੰ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਦੇਖਿਆ ਗਿਆ। ਇੱਕ ਵੀਡੀਓ ਵਿੱਚ ਕੁਝ ਪੁਲਿਸ ਅਧਿਕਾਰੀ ਇੱਕ ਔਰਤ ਨੂੰ ਘਸੀਟਦੇ ਹੋਏ ਨਜ਼ਰ ਆ ਰਹੇ ਹਨ।
ਇਕ ਹੋਰ ਵੀਡੀਓ ‘ਚ ਹਜ਼ਾਰਾਂ ਲੋਕਾਂ ਨੂੰ ਸੜਕਾਂ ‘ਤੇ ਮਾਰਚ ਕਰਦੇ ਦੇਖਿਆ ਜਾ ਸਕਦਾ ਹੈ। ‘ਨੋ ਟੂ ਵਾਰ’ ਦੇ ਨਾਅਰੇ ਲਾਏ ਜਾ ਰਹੇ ਹਨ। ਰਿਪੋਰਟਾਂ ਮੁਤਾਬਕ ਮਾਸਕੋ ਅਤੇ ਸੇਂਟ ਪੀਟਰਸਬਰਗ ਸਮੇਤ 38 ਸ਼ਹਿਰਾਂ ‘ਚ ਪ੍ਰਦਰਸ਼ਨ ਕਰ ਰਹੇ ਲਗਭਗ 1,371 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਰਾਸ਼ਟਰਪਤੀ ਪੁਤਿਨ ਨੇ 300,000 ਸੈਨਿਕਾਂ ਦੀ ਤਾਇਨਾਤੀ ਦਾ ਐਲਾਨ ਕਰਨ ਤੋਂ ਪਹਿਲਾਂ ਪੱਛਮੀ ਦੇਸ਼ਾਂ ‘ਤੇ “ਪਰਮਾਣੂ ਬਲੈਕਮੇਲ” ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਨਾਟੋ ਦੇ ਕੁਝ ਵੱਡੇ ਨੇਤਾ ਰੂਸ ਵਿਰੁੱਧ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਧਮਕੀ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ 24 ਫਰਵਰੀ ਨੂੰ ਰੂਸ ਨੇ ਯੂਕਰੇਨ ਉੱਤੇ ਹਮਲਾ ਕਰ ਦਿੱਤਾ। ਪੁਤਿਨ ਨੇ ਹੁਣ ਤੱਕ ਇਸ ਨੂੰ ਵਿਸ਼ੇਸ਼ ਫੌਜੀ ਕਾਰਵਾਈ ਕਿਹਾ ਹੈ। ਜੰਗ ਦੀ ਸ਼ੁਰੂਆਤ ਤੋਂ ਹੀ ਨਾ ਸਿਰਫ਼ ਰੂਸ ਵਿੱਚ ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਪੁਤਿਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਏ ਸਨ।