ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ ’ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ’ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰ.ਐੱਸ.ਐਸ. ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰ.ਐੱਸ.ਐੱਸ. ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਦੀ ਮਰਿਆਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ’ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ।
ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ। ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ।
ਇਹ ਵੀ ਪੜ੍ਹੋ : ਗੈਂਗਸਟਰ ਸੁਬੇ ਗੁਰਜਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ, ਅਪਰਾਧੀਆਂ ਨੂੰ ਸਬਕ ਸਿਖਾਉਣ ਲੱਗੀ ਸਰਕਾਰ!
ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: