ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐੱਮ. ਮੋਦੀ ਵੱਲੋਂ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮਨ ਕੀ ਬਾਤ’ ਵਿੱਚ ਮਹਾਨ ਸ਼ਹੀਦ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਂ ਰੱਖਣ ਸਬੰਧੀ ਕੀਤੇ ਗਏ ਐਲਾਨ ਨਾਲ ਪੂਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਅਤੇ ਹਰ ਪੰਜਾਬੀ ਲਈ ਸੁਪਨਾ ਸਾਕਾਰ ਹੋਣ ਵਰਗਾ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਇਸ ਸਬੰਧੀ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਬਣਾਉਣ ਲਈ ਵਿਸਥਾਰਤ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਨਿੱਜੀ ਤੌਰ ‘ਤੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ ਦੀ 28 ਤਰੀਕ ਨੂੰ ਹੋਣ ਵਾਲੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ਤੋਂ ਪਹਿਲਾਂ ਹਵਾਈ ਅੱਡੇ ਦੇ ਨਾਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਐਲਾਨ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਹੈ ਅਤੇ ਇਹ ਨੌਜਵਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀਆਂ ਅਕਾਂਖਿਆਵਾਂ ਦੀ ਕਦਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਨ੍ਹਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਦੌਰਾਨ ਆਪਣੀ ਮਾਤ ਭੂਮੀ ਦੀ ਵੇਦੀ ‘ਤੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਮਹਾਨ ਸ਼ਹੀਦ ਦੀ ਕਲਪਨਾ ਮੁਤਾਬਕ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰੇ।