ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਵਿੱਚ ਪੰਚਕੂਲਾ ਅਤੇ ਮੁਹਾਲੀ ਦਾ ਨਾਂ ਨਹੀਂ ਜੋੜਿਆ ਗਿਆ ਹੈ। ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਂ ਬਦਲਣ ਦਾ ਉਦਘਾਟਨ ਕੀਤਾ।
ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਗਵਰਨਰ ਬੀਐੱਲ ਪੁਰੋਹਿਤ ਵੀ ਮੌਜੂਦ ਸਨ। ਨਾਂ ਬਦਲਣ ਨਾਲ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਦਰਮਿਆਨ ਚੱਲ ਰਿਹਾ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਉਠਾਈ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ ‘ਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕਰ ਰਹੇ ਹਨ। ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਸੀ।
ਇਸ ਦੇ ਨਾਲ ਹੀ ਹਰਿਆਣਾ ਤੋਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿਜ ਵੀ ਪ੍ਰੋਗਰਾਮ ‘ਚ ਪਹੁੰਚੇ ਹਨ। ਇਸ ਪ੍ਰੋਗਰਾਮ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਦੌਰੇ ‘ਤੇ ਹਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਵੀਕੇ ਸਿੰਘ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਵੀ ਇੱਥੇ ਮੌਜੂਦ ਹਨ।
ਇਹ ਵੀ ਪੜ੍ਹੋ : ਬਿੱਟੂ ਨੇ ਚੁੱਕਿਆ BBMB ਦਾ ਮੁੱਦਾ, ਬੋਲੇ- ‘ਪੰਜਾਬ ਤੋਂ ਕੋਈ ਮੈਂਬਰ ਨਹੀਂ, ਕੇਂਦਰ ਕਰਨਾ ਚਾਹੁੰਦੈ ਕਬਜ਼ਾ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ। ਭੁਪਿੰਦਰ ਸਿੰਘ ਹੁੱਡਾ ਨੇ ਭਗਤ ਸਿੰਘ ਦਾ ਨਾਂ ਰੱਖਣ ਦੀ ਹਾਮੀ ਭਰੀ ਸੀ।
ਵੀਡੀਓ ਲਈ ਕਲਿੱਕ ਕਰੋ -: