ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ਤੋਂ ਆਈ ਹੈ। ਸੰਸਦ ਮੈਂਬਰ ਨੇ ਮਾਮਲੇ ਦੀ ਸ਼ਿਕਾਇਤ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਰਾਜਾ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ‘ਤੇ ਫੋਨ ਕਰਨ ਵਾਲੇ ਨੇ ਬਿੱਟੂ ਨੂੰ ਬੰਦੀ ਸਿੰਘਾਂ ਦੀ ਰਿਹਾਈ ‘ਚ ਰੁਕਾਵਟ ਨਾ ਬਣਨ ਦੀ ਗੱਲ ਕਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ 00994408917750 ਨੰਬਰ ਤੋਂ ਕਾਲ ਆਈ ਸੀ। ਧਮਕੀ ਵਿੱਚ ਕਿਹਾ ਗਿਆ ਹੈ ਕਿ ਬਿੱਟੂ ਬੰਦੀ ਸਿੰਘਾਂ ਖਿਲਾਫ ਬੋਲਣਾ ਬੰਦ ਕਰ ਦੇ, ਨਹੀਂ ਤਾਂ ਨਤੀਜਾ ਮਾੜਾ ਹੋਵੇਗਾ। ਪਹਿਲਾਂ ਹੀ ਐੱਮ.ਪੀ. ਬਿੱਟੂ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਧਾ ਕੇ ਜ਼ੈੱਡ+ ਕਰ ਦਿੱਤੀ ਗਈ ਹੈ।
ਹੁਣ ਸੰਸਦ ਮੈਂਬਰ ਬਿੱਟੂ ਦੀ ਦਿੱਲੀ ਕੋਠੀ ਦੀ ਸੁਰੱਖਿਆ ਘੇਰਾਬੰਦੀ ਵੀ ਵਧਾ ਦਿੱਤੀ ਗਈ ਹੈ। ਲੁਧਿਆਣਾ ਕੋਠੀ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਕੋਠੀ ਦੇ ਬਾਹਰ ਗਾਰਡ ਤਾਇਨਾਤ ਕਰਨ ਦੇ ਨਾਲ-ਨਾਲ ਉੱਚ ਪੱਧਰੀ ਸੀਸੀਟੀਵੀ ਕੈਮਰੇ ਲਾਉਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਉੱਡਦੇ ਜਹਾਜ਼ ‘ਚ ਬੰਬ! ਦਿੱਲੀ ‘ਚ ਲੈਂਡਿੰਗ ‘ਤੇ ਅੜਿਆ ਪਾਇਲਟ, IAF ਨੇ ਭੇਜੇ ਸੁਖੋਈ
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਬਿੱਟੂ ਅਕਸਰ ਅੱਤਵਾਦੀਆਂ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ ਅਤੇ ਹੁਣ ਵੀ ਕਰਦੇ ਹਨ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਉਹ ਪਹਿਲਾਂ ਵੀ ਅੱਤਵਾਦੀਆਂ ਦਾ ਵਿਰੋਧ ਕਰਦੇ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਪਹਿਲਾਂ ਵੀ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਸਨ ਅਤੇ ਹੁਣ ਵੀ ਮਿਲ ਰਹੀਆਂ ਹਨ ਪਰ ਉਹ ਕਿਸੇ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -: