ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੇ ਹਿੱਤ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਪਰ ਫਿਰ ਵੀ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਸ਼ਨੀਵਾਰ ਨੂੰ ਜਲੰਧਰ ਜ਼ਿਲੇ ਦੇ ਮੀਰਪੁਰ ਸੈਦਾ ਵਿੱਚ ਪਰਾਲੀ ਦੇ ਧੂੰਏਂ ਕਾਰਨ ਹੋਏ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ ਹੋ ਗਈ ।
ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਪਰ ਪਿੰਡ ਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਵੀ ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ । ਇਸ ਸਬੰਧੀ ਗੁਰਮੀਤ ਸਿੰਘ ਜੋਸਨ ਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਹਰਦੇਵ ਸਿੰਘ (58) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਨਿਜ਼ਾਮੀਪੁਰ ਆਪਣੀ ਸਕੂਟੀ ‘ਤੇ ਸ਼ਾਹਕੋਟ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ । ਉੱਥੇ ਹੀ ਗੁਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹੇਰਾਂ ਮੋਟਰਸਾਈਕਲ ’ਤੇ ਮਲਸੀਆਂ ਤੋਂ ਟਿਊਸ਼ਨ ਪੜ੍ਹ ਕੇ ਵਾਪਸ ਆਪਣੇ ਪਿੰਡ ਹੇਰਾਂ ਆ ਰਿਹਾ ਸੀ । ਜਦੋਂ ਦੋਵੇਂ ਮੀਰਪੁਰ ਸੈਦਾ ਨੇੜੇ ਪਹੁੰਚੇ ਤਾਂ ਪਰਾਲੀ ਦੇ ਧੂੰਏਂ ਨਾਲ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ । ਇਸ ਹਾਦਸੇ ਵਿੱਚ ਹਰਦੇਵ ਸਿੰਘ ਅਤੇ ਗੁਰਜੋਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮੰਤਰੀ ਬਲਜੀਤ ਕੌਰ ਦੀ ਸਕਿਓਰਿਟੀ ਵਾਲੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, 2 ਹੋਏ ਫੱਟੜ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਅਤੇ ਮਲਸੀਆਂ ਚੌਕੀ ਦੇ ਇੰਚਾਰਜ ਐਸਆਈ ਨਿਰਮਲ ਸਿੰਘ ਪੁਲਿਸ ਫੋਰਸ ਸਣੇ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਇਸ ਸਬੰਧੀ ਪੁਲਿਸ ਥਾਣਾ ਇੰਚਾਰਜ ਨਾਗਰਾ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਗਿਆ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ । ਇਸ ਦੇ ਨਾਲ ਹੀ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਮੀਰਪੁਰ ਸੈਦਾ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ, ਜਿਸਦੇ ਧੂੰਏ ਕਾਰਨ ਇਹ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -: