ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਘਰੇਲੂ ਉਡਾਣਾਂ ਦੇ ਮੁੜ ਸੰਚਾਲਨ ਬਾਰੇ ਗੱਲ ਕੀਤੀ।
ਸ਼ਹਿਰੀ ਹਵਾਬਾਜ਼ੀ ਦੇ ਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੋਮਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ ਦੇ ਵਿਕਾਸ, ਗ੍ਰੀਨਫੀਲਡ ਹਵਾਈ ਅੱਡਿਆਂ, ਹੈਲੀਪੋਰਟਾਂ ਅਤੇ ਵਾਟਰ ਐਰੋਡ੍ਰੋਮਾਂ ‘ਤੇ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਚਲਾਉਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਡਾਣਾਂ ਸ਼ੁਰੂ ਹੋਣ ਨਾਲ ਦੇਸ਼ ਵਿੱਚ ਸਿੱਧੀ ਹਵਾਈ ਸੰਪਰਕ ਪੈਦਾ ਕਰਕੇ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਕ ਹੋਰ ਮੁੱਦਾ ਉਠਾਉਂਦੇ ਹੋਏ ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੇ ਨਿਰਮਾਣ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਗਿਆ ਹੈ।
ਇਸ ਦੇ ਨਾਲ ਹੀ ਮੋਹਾਲੀ ਵਿੱਚ ਬਣੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਦਾ ਟਰਮੀਨਲ ਜ਼ਿਲ੍ਹਾ ਐਸ.ਏ.ਐਸ.ਨਗਰ ਮੁਹਾਲੀ ਵਿੱਚ ਪੈਂਦੀ ਜ਼ਮੀਨ ’ਤੇ ਬਣਾਇਆ ਗਿਆ ਸੀ ਪਰ ਹਵਾਈ ਅੱਡੇ ਦੇ ਨਾਂ ਤੋਂ ਮੋਹਾਲੀ ਗਾਇਬ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਹਵਾਈ ਅੱਡੇ ਦੇ ਨਾਂ ਵਿਚ ਮੁਹਾਲੀ ਸ਼ਹਿਰ ਦਾ ਨਾਂ ਸ਼ਾਮਲ ਨਾ ਕਰਨ ’ਤੇ ਗੁੱਸਾ ਜ਼ਾਹਰ ਕਰ ਚੁੱਕੇ ਹਨ। ਇਸ ਜਾਇਜ਼ ਮੰਗ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਸਕੇ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਤੋਂ 5 ਗ੍ਰੇਨੇਡ ਤੇ 2 ਆਟੋਮੈਟਿਕ ਪਿਸਤੌਲਾਂ ਬਰਾਮਦ, ਦਿੱਲੀ ਪੁਲਿਸ ਨੇ ਕੀਤੇ ਅਹਿਮ ਖੁਲਾਸੇ
ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੇ ਅਕਸ ਨੂੰ ਸੁੰਦਰ ਬਣਾਉਣ ਲਈ 450 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਚੁੱਕੇ ਹਨ। ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਹੋਰ ਰਾਜਾਂ ਦੇ ਲੋਕਾਂ ਨੂੰ ਵੀ ਇਸ ਨਾਲ ਜੋੜਿਆ ਜਾ ਸਕੇਗਾ।
ਵੀਡੀਓ ਲਈ ਕਲਿੱਕ ਕਰੋ -: