ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਸ ਨੂੰ ਦਿੱਲੀ ਤੋਂ ਮਾਨਸਾ ਲਿਆਂਦਾ ਜਾ ਰਿਹਾ ਹੈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਟਰਾਂਜ਼ਿਟ ਰਿਮਾਂਡ ਦੀ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੀਪਕ ਟੀਨੂੰ 1 ਅਕਤੂਬਰ ਨੂੰ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਉਸ ਨੂੰ ਬਾਅਦ ਵਿਚ ਦਿੱਲੀ ਪੁਲਿਸ ਨੇ 19 ਅਕਤੂਬਰ ਨੂੰ ਅਜਮੇਰ ਤੋਂ ਗ੍ਰਿਫਤਾਰ ਕੀਤਾ ਸੀ। ਤਿੰਨ ਦਿਨ ਪਹਿਲਾਂ ਮਾਨਸਾ ਪੁਲਿਸ ਨੇ ਟੀਨੂੰ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਲਈ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਇਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਨੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ। ਇਸ ਕਾਰਨ ਮਾਨਸਾ ਪੁਲੀਸ ਨੂੰ ਖਾਲੀ ਹੱਥ ਪਰਤਣਾ ਪਿਆ।
ਇਹ ਵੀ ਪੜ੍ਹੋ : ਜਗਰਾਓਂ : CM ਮਾਨ ਅੱਜ ਕਰਨਗੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ, ਸਕਿਓਰਿਟੀ ਲਈ ਬਾਜ਼ਾਰ ਬੰਦ
ਪੁਲਿਸ ਨੇ ਹੁਣ ਤੱਕ ਗੈਂਗਸਟਰ ਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ ਬਰਖਾਸਤ ਸੀਆਈਏ ਇੰਸਪੈਕਟਰ ਪ੍ਰਿਤਪਾਲ ਅਤੇ ਟੀਨੂੰ ਦੀ ਪ੍ਰੇਮਿਕਾ ਸਣੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਆਈਟੀ ਨੂੰ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੂਸੇਵਾਲਾ ਕਤਲ ਕੇਸ ਵਿੱਚ ਪੁੱਛ-ਪੜਤਾਲ ਲਈ ਤਿਹਾੜ ਜੇਲ੍ਹ ਦੇ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ ਗਿਆ ਤਾਂ ਉਸ ਨੇ ਫਰਾਰ ਹੋਣ ਦਾ ਪਲਾਨ ਬਣਾਇਆ ਸੀ। ਟੀਨੂੰ ਉਨ੍ਹਾਂ 24 ਮੁਲਜ਼ਮਾਂ ਵਿੱਚੋਂ ਇੱਕ ਹੈ, ਜਿਨ੍ਹਾਂ ਖ਼ਿਲਾਫ਼ ਮੂਸੇਵਾਲਾ ਕਤਲ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਉਹ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦਾ ਕਰੀਬੀ ਹੈ ਅਤੇ ਉਨ੍ਹਾਂ ਨਾਲ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹੈ।
ਵੀਡੀਓ ਲਈ ਕਲਿੱਕ ਕਰੋ -: