ਸੰਗਰੂਰ ਵਿਚ ਧਰਨੇ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਮੰਨ ਲਿਆ ਹੈ। ਮੰਗਾਂ ਮੰਨਣ ਦੇ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 29 ਅਕਤੂਬਰ ਨੂੰ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਮੰਗਾਂ ਨੂੰ ਲੈ ਕੇ ਕਿਸਾਨ ਸੰਗਰੂਰ ਵਿਚ ਸੀਐੱਮ ਰਿਹਾਇਸ਼ ਦੇ ਬਾਹਰ ਬੈਠੇ ਸਨ।
ਯੂਨੀਅਨ ਨੇ ਮੰਗਾਂ ਨਾ ਮੰਨਣ ‘ਤੇ ਸਖਤ ਕਦਮ ਚੁੱਕਣ ਦੀ ਚੇਤਾਵਨੀ ਦਿੱਤੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿਚ ਆਈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਪਟਿਆਲਾ ਦੇ ਸਰਕਟ ਹਾਊਸ ਵਿਖੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਝੇਠੂਕੇ, ਸ਼ਿੰਗਾਰਾ ਸਿੰਘ ਤੇ ਰੂਪ ਸਿੰਘ ਚੰਨਾ ਤੋਂ ਇਲਾਵਾ ਡੀਸੀ ਤੇ ਆਈਜੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਲਿਖਤੀ ਰੂਪ ਵਿੱਚ ਮੰਨ ਲਈਆਂ ਹਨ। ਇਸ ਤੋਂ ਬਾਅਦ ਉਨ੍ਹਾਂ 29 ਅਕਤੂਬਰ ਨੂੰ ਕਰੀਬ 20 ਦਿਨਾਂ ਤੋਂ ਚੱਲ ਰਹੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ। ਕਿਸਾਨ ਸਤੰਬਰ ਮਹੀਨੇ ਵਿੱਚ ਆਪਣੀਆਂ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੇ ਸਨ, ਪਰ ਮੰਗਾਂ ਲਾਗੂ ਨਾ ਹੋਣ ’ਤੇ ਕਿਸਾਨਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੰਗਰੂਰ-ਪਟਿਆਲਾ ਮੁੱਖ ਮਾਰਗ ’ਤੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ। 20 ਦਿਨ ਪਹਿਲਾਂ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਿਸਾਨ ਆਗੂਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ ਸਗਰੂਰ ਅੱਗੇ ਦਿੱਤਾ ਜਾ ਰਿਹਾ ਧਰਨਾ ਚੁੱਕ ਲਿਆ ਜਾਵੇਗਾ।
ਭਾਕਿਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ। ਇਸ ਵਿੱਚ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਸਨ। ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀਆਂ ਨੇ ਅੱਜ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਮੰਨ ਲਈਆਂ ਹਨ ਅਤੇ ਹੁਣ ਧਰਨਾ ਚੁੱਕ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: