ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ। ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।
ਮੁੱਖ ਮੰਤਰੀ ਨੇ ਸ੍ਰੀ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨ੍ਹਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਸਬ ਇੰਸਪੈਕਟਰ ਅਤੇ ਕਾਂਸਟੇਬਲ ਭਰਤੀ : ਪੰਜਾਬ ਪੁਲਿਸ ਨੇ ਚਾਹਵਾਨ ਉਮੀਦਵਾਰਾਂ ਲਈ ਮੁਫਤ ਕੋਚਿੰਗ ਤੇ ਸਿਖਲਾਈ ਸੈਸ਼ਨਾਂ ਦੀ ਕੀਤੀ ਸ਼ੁਰੂਆਤ