ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਖੁਦ ਨੂੰ ਸਮਝਦਾਰ ਕਹਿਣ ਵਾਲੇ ਪਟਿਆਲੇ ਦੇ ਇਸ ਵਾਰਸ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ।
CM ਮਾਨ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕੈਪਟਨ ਨੂੰ ਹਮੇਸ਼ਾ ਸੂਬੇ ਤੇ ਇਥੋਂ ਦੇ ਲੋਕਾਂ ਦੀ ਬਜਾਏ ਆਪਣੀ ਕੁਰਸੀ ਦੀ ਚਿੰਤਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮਹੱਲਾਂ ਵਿਚ ਕੈਦ ਕਰ ਕੇ ਕੈਪਟਨ ਨੇ ਸੱਤਾ ਵਿਚ ਰਹਿੰਦੇ ਹੋਏ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਹੈ। ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲ ਸਕਦਾ ਕਿ ਕੈਪਟਨ ਦੇ ਪੂਰਵਜਾਂ ਨੇ ਆਪਣੇ ਸੁਆਰਥ ਲਈ ਮੁਗਲਾਂ ਤੇ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ ਤੇ ਉਨ੍ਹਾਂ ਨੇ ਬਰਤਾਨਵੀ ਸ਼ਾਸਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਲੜ ਰਹੇ ਦੇਸ਼ ਭਗਤਾਂ ‘ਤੇ ਅਣਗਿਣਤ ਅਤਿਆਚਾਰ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੂਰਵਜਾਂ ਦੀ ਰਾਹ ‘ਤੇ ਚੱਲਦੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਲੋੜ ਪੈਣ ‘ਤੇ ਕਾਂਗਰਸ ਨਾਲ ਸਾਂਝ ਪਾਈ।
ਉਨ੍ਹਾਂ ਕਿਹਾ ਕਿ ਭਾਜਪਾ ਦੇ 700 ਤੋਂ ਵਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੋਣ ਦੇ ਬਾਵਜੂਦ ਕੈਪਟਨ ਨੇ ਹੁਣਇਕ ਵਾਰ ਫਿਰ ਪੰਜਾਬ ਤੇ ਕਿਸਾਨ ਵਿਰੋਧੀ ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ। ਮਾਨ ਨੇ ਕਿਹਾ ਕਿ ‘ਸੱਤਾ ਦੇ ਭੁੱਖੇ’ ਕੈਪਟਨ ਨੇ ਸਿਰਫ ਸੱਤਾ ਦੀ ਖਾਤਰ ਦੀ ਪੱਖ ਬਦਲਿਆ ਹੈ ਜੋ ਕਿ ਉਨ੍ਹਾਂ ਦੇ ਪੂਰਵਜਾਂ ਨੇ 1919 ਵਿਚ ਜਲਿਆਂਵਾਲਾ ਬਾਗ ਦੇ ਸੰਹਾਰ ਦੌਰਾਨ ਅੰਗਰੇਜ਼ਾਂ ਦਾ ਸਾਥ ਦੇ ਕੇ ਕੀਤਾ ਸੀ।
ਇਹ ਵੀ ਪੜ੍ਹੋ : ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
CM ਮਾਨ ਨੇ ਕਿਹਾ ਕਿ ਕੈਪਟਨ ਪਹਿਲਾਂ ਹੀ ਕਿਸਾਨਾਂ ਤੇ ਪੰਜਾਬੀਆਂ ਦੇ ਨਾਲ ਕੀਤੇ ਧੋਖੇ ਦੀ ਸਜ਼ਾ ਭੁਗਤ ਚੁੱਕੇ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਸੂਬੇ ਦੇ ਸਿਆਸੀ ਅਖਾੜੇ ਤੋਂ ਬੇਦਖਲ ਕਰ ਦਿੱਤਾ ਹੈ। ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 2022 ਵਿਚ ਮਤਦਾਨ ਵਿਚ ਕੈਪਟਨ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ ਪਰ ਹੁਣ ਸਿਆਸੀ ਮੈਦਾਨ ਵਿਚ ਆਉਣ ਲਈ ਉਹ ਸੂਬੇ ਵਿਚ ਬੇਬੁਨਿਆਦ ਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: