ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਪਿੱਛੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਅਸਤੀਫ਼ਾ ਸੌਂਪਣ ਪਿੱਛੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਮੰਡਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ। ਚੰਨੀ ਨੇ ਕਿਹਾ ਕਿ ਸਾਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।
ਸਾਬਕਾ ਸੀ.ਐੱਮ. ਨੇ ਅੱਜ ਮੰਤਰੀ ਮੰਡਲ ਦੀ ਬੈਠਕ ਸੱਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ 18 ਸੀਟਾਂ ਤੋਂ ਜਿੱਤ ਹਾਸਲ ਹੋਈ, ਜਦਕਿ ਆਮ ਆਦਮੀ ਪਾਰਟੀ 92 ਸੀਟਾਂ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਸਾਬਕਾ ਸੀ.ਐੱਮ. ਚੰਨੀ ਭਦੌੜ ਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰ ਗਏ ਜਦਕਿ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਨੂੰ ਵੀ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ।
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਹੁਣ ਨਵੀਂ ਸਰਕਾਰ ਵੱਲੋਂ ਆਪਣਾ ਮੰਤਰੀ ਮੰਡਲ ਬਣਾਇਆ ਜਾਵੇਗਾ, ਹਾਲਾਂਕਿ ਇਸ ਵਿੱਚ ਸਾਰੇ ਨਵੇਂ ਮੰਤਰੀ ਸ਼ਾਮਲ ਹੋ ਸਕਦੇ ਹਨ ਪਰ 7 ਮੰਤਰੀ ਅਜਿਹੇ ਹਨ ਜੋ ਵਿਧਾਇਕ ਵਜੋਂ ਜਿੱਤ ਦਾ ਸਵਾਦ ਮਾਣ ਕੇ ਮੰਤਰੀ ਮੰਡਲ ਦੀ ਬੈਠਕ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ ਦੇ ਨਾਂ ਸ਼ਾਮਲ ਹਨ।