ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਟਰੈਕਟਰ-ਟਰਾਲੀਆਂ ‘ਤੇ ਜਾ ਕੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਏ ਜਾਣ ਦੀ ਯੋਜਨਾ ਹੈ ਪਰ ਚੰਡੀਗੜ੍ਹ ਪੁਲਿਸ ਵੀ ਪੂਰੀ ਤਰ੍ਹਾਂ ਤੋਂ ਅਲਰਟ ਹੈ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਥਾਂ-ਥਾਂ ‘ਤੇ ਮੌਜੂਦ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਕਿਸਾਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਨ੍ਹਾਂ ਸਭ ਦੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਅਨਾਜ ਮੰਡੀ ਪਿੰਡ ਘਰਾਚੋਂ ਵਿਚ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਉਨ੍ਹਾਂ ਨੂੰ ਸੰਬੋਧਨ ਕਰਨ ਲਈ ਜੋਗਿੰਦਰ ਸਿੰਘ ਉਗਰਾਹਾਂ ਜਾ ਰਹੇ ਸਨ ਕਿ ਰਸਤੇ ਵਿਚ ਹੀ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਨੂੰ ਰਸਤੇ ਵਿਚੋਂ ਹੀ ਚੁੱਕ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਾ ਛੱਡਿਆ ਗਿਆ ਤਾਂ ਥਾਣੇ ਦੇ ਬਾਹਰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜ਼ੇਲੇਂਸਕੀ ਨੇ ਟਰੰਪ ਨਾਲ ਹੋਈ ਬਹਿ.ਸ ‘ਤੇ ਪ੍ਰਗਟਾਇਆ ਅਫਸੋਸ, ਕਿਹਾ- ‘ਹੁਣ ਸਭ ਠੀਕ ਕਰਨ ਦਾ ਸਮਾਂ’
ਜ਼ਿਕਰਯੋਗ ਹੈ ਕਿ ਇਕ ਪਾਸੇ ਬੀਤੀ ਰਾਤ ਤੇ ਕੱਲ੍ਹ ਤੋਂ ਵੀ ਲਗਾਤਾਰ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕਿਸਾਨ ਆਗੂਆਂ ਨੂੰ ਡਿਟੇਨ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਅੱਜ ਸੰਗਰੂਰ ਪੁਲਿਸ ਵੱਲੋਂ ਵੱਡਾ ਐਕਸ਼ਨ ਜੋਗਿੰਦਰ ਸਿੰਘ ਉਗਰਾਹਾਂ ‘ਤੇ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਪਿੰਡ ਘਰਾਚੋਂ ਵਿਖੇ ਅਨਾਜ ਮੰਡੀ ਦੇ ਰਸਤੇ ਵਿਚੋਂ ਹੀ ਹਿਰਾਸਤ ਵਿਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
