ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚੁੱਕਦੇ ਸਵਾਲਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗਨ ਕਲਚਰ’ ‘ਤੇ ਰੋਕ ਲਗਾਉਣ ਲਈ ਸਾਰੇ ਹਥਿਆਰ ਲਾਇਸੈਂਸਾਂ ਦੀ ਸਮੀਖਿਆ ਦੇ ਹੁਕਮ ਦਿੱਤੇ ਤੇ ਅਗਲੇ ਤਿੰਨ ਮਹੀਨੇ ਤੱਕ ਨਵਾਂ ਲਾਇਸੈਂਸ ਜਾਰੀ ਕਰਨ ‘ਤੇ ਰੋਕ ਲਗਾਉਣ ਦਾ ਐਲਾਨ ਕੀਤਾ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ ‘ਤੇ ਮੁੱਖ ਗ੍ਰਹਿ ਸਕੱਤਰ ਨੇ ਇਸ ਸਬੰਧੀ ਪੁਲਿਸ ਡਾਇਰੈਕਟਰ ਜਨਰਲ, ਪੁਲਿਸ ਕਮਿਸ਼ਨਰਾਂ, ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਸੂਬੇ ਵਿੱਚ ਮੌਜੂਦ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਸਮਾਜ ਵਿਰੋਧੀ ਅਨਸਰ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ।
ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਕੋਈ ਵੀ ਨਵਾਂ ਲਾਇਸੈਂਸ ਆਮ ਤੌਰ ‘ਤੇ ਜਾਰੀ ਨਾ ਕੀਤਾ ਜਾਵੇ ਅਤੇ ਕਿਹਾ ਗਿਆ ਹੈ ਕਿ ਲਾਇਸੈਂਸ ਸਿਰਫ਼ ਉਸ ਸਥਿਤੀ ਵਿਚ ਹੀ ਜਾਰੀ ਕੀਤਾ ਜਾਵੇ ਜਿੱਥੇ ਅਸਲ ਵਿਚ ਇਸ ਦੀ ਬਹੁਤ ਜ਼ਿਆਦਾ ਲੋੜ ਹੋਵੇ ਅਤੇ ਬਿਨੈਕਾਰ ਅਸਲਾ ਲਾਇਸੈਂਸ ਜਾਰੀ ਕਰਨ ਵਾਲੀ ਅਥਾਰਟੀ ਹੋਵੇ। ਦਿੱਤਾ ਤਰਕ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ ਹਥਿਆਰਾਂ ਅਤੇ ਗੋਲਾ ਬਾਰੂਦ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਇਲਾਵਾ ਗਨ ਕਲਚਰ ਨੂੰ ਦਰਸਾਉਂਦੇ ਗੀਤਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ, ਪਾਰਟੀਆਂ ਅਤੇ ਹੋਰ ਥਾਵਾਂ ‘ਤੇ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।