ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨ ਆਗੂ ਅਤੇ ਐਸ.ਕੇ.ਐਮ.ਦੇ ਆਗੂ ਸ਼ਾਮਲ ਰਹੇ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 18 ਜਨਵਰੀ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਨਾਲ ਹੀ ਮੀਟਿੰਗ ਵਿੱਚ ਇਸ ਗੱਲ ‘ਤੇ ਵੀ ਚਰਚਾ ਕੀਤੀ ਗਈ ਕਿ ਇਸ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ ਅਤੇ ਸਰਕਾਰ ‘ਤੇ ਕਿਵੇਂ ਦਬਾਅ ਬਣਾਇਆ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਤਿੰਨ ਮੰਚਾਂ ਦੇ ਆਗੂ ਇੱਕ ਮੰਚ ’ਤੇ ਹਾਂ। ਇਹ ਬਹੁਤ ਪਾਜ਼ੀਟਿਵ ਚੀਜ਼ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਕਿਹਾ ਕਿ ਕੋਈ ਵੀ ਸਾਥੀ ਇੱਕ ਦੂਜੇ ‘ਤੇ ਬਿਆਨਬਾਜ਼ੀ ਨਹੀਂ ਕਰੇਗਾ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਨੂੰ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨ ਲੱਗਾ ਹੈ, ਜੋ ਚਿੰਤਾਜਨਕ ਸਥਿਤੀ ਹੈ।
ਮੀਟਿੰਗ ਮਗਰੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਮੋਰਚਾ ਇਹ ਵੀ ਸੋਚਦਾ ਹੈ ਕਿ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ। ਜਨਤਾ ਦੇ ਸਮਰਥਨ ਤੋਂ ਬਿਨਾਂ ਮੋਰਚਾ ਜਿੱਤਿਆ ਨਹੀਂ ਜਾ ਸਕਦਾ।
ਅੱਜ ਫਿਰ ਫੈਸਲਾ ਕੀਤਾ ਗਿਆ ਹੈ ਕਿ ਕੋਈ ਵੀ ਇੱਕ ਦੂਜੇ ਖਿਲਾਫ ਬਿਆਨਬਾਜ਼ੀ ਨਹੀਂ ਕਰੇਗਾ। ਸਾਡਾ ਦੁਸ਼ਮਣ ਵੀ ਸਾਂਝਾ ਹੈ ਤੇ ਸਾਡਾ ਸੰਘਰਸ਼ ਵੀ ਸਾਂਝਾ ਹੈ। 18 ਤਰੀਕ ਨੂੰ ਵੀ ਇਸੇ ਥਾਂ ’ਤੇ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ
ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਇਸ ਮੀਟਿੰਗ ਦਾ ਸਭ ਤੋਂ ਵੱਡਾ ਨਤੀਜਾ ਇਹ ਹੈ ਕਿ ਇਹ ਮੀਟਿੰਗ ਏਕਤਾ ਲਈ ਰੱਖੀ ਗਈ ਸੀ। ਤਾਲਮੇਲ ਗਰੁੱਪ ਬਣਾਉਣ ‘ਤੇ ਫੈਸਲਾ ਹੋਇਆ ਹੈ। ਇਸ ਨੂੰ 18 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: