ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਤੱਕ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕਰਦੀਆਂ ਸਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਸਾਰੇ ਘਰੇਲੂ ਖਪਤਕਾਰਾਂ ਨੂੰ 5,629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਾ ਲਾਭ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਜਿਸ ਨਾਲ 1,278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ “ਜ਼ੀਰੋ” ਆ ਰਿਹਾ ਹੈ ਅਤੇ ਜਨਵਰੀ, 2023 ਤੱਕ ਇਹ ਅੰਕੜਾ ਹੋਰ ਵਧਣ ਦੀ ਉਮੀਦ ਹੈ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸਾਰੀਆਂ ਰਿਹਾਇਸ਼ੀ ਇਕਾਈਆਂ ਨੂੰ ਮੁਫਤ ਬਿਜਲੀ ਦੇਣ ਦੇ ਨਾਲ-ਨਾਲ 31 ਦਸੰਬਰ, 2021 ਤੱਕ ਦੇ ਸਾਰੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਬਿਜਲੀ ਦੇ ਕੱਟੇ ਸਾਰੇ ਕੁਨੈਕਸ਼ਨ ਮੁੜ ਬਹਾਲ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫਤ ਬਿਜਲੀ ਦਾ ਲਾਲਚ ਦਿੱਤਾ ਪਰ ਕਿਸਾਨਾਂ ਨੂੰ ਕਦੇ ਵੀ ਨਿਰਵਿਘਨ ਬਿਜਲੀ ਸਪਲਾਈ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਸਿੰਚਾਈ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ‘ਚ ਭਰਤੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ਼ ਖੇਤੀਬਾੜੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖੀ ਹੈ ਸਗੋਂ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਬਿਜਲੀ ਕੱਟ ਦੇ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਕਿਸਾਨਾਂ ਲਈ ਇੱਕ ਹੋਰ ਪ੍ਰੋਤਸਾਹਨ ਵਜੋਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦੀ ਲੋਡ ਇਨਹਾਂਸਮੈਂਟ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।
ਵੀਡੀਓ ਲਈ ਕਲਿੱਕ ਕਰੋ -: