ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਖਿਲਾਫ ਕਾਂਗਰਸ ਪਾਰਟੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੂੰ ਪਾਰਟੀ ਵਿਰੋਧੀ ਕਾਰਵਾਈ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲੱਗਾ ਹੈ।
ਸਸਪੈਂਡ ਹੋਣ ਦੇ ਬਾਅਦ ਪ੍ਰਨੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸ ਦਾ ਸਵਾਗਤ ਹੈ। ਮੈਂ ਹਮੇਸ਼ਾ ਪਾਰਟੀ ਤੇ ਉਨ੍ਹਾਂ ਲੋਕਾਂ ਨੂੰ ਆਪਣਾ ਸਰਵਸ਼੍ਰੇਸ਼ਠ ਦਿੱਤਾ ਹੈ, ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਨ੍ਹਾਂ ਦੀ ਧੰਨਵਾਦੀ ਹਾਂ ਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਦੀ ਰਹਾਂਗੀ। ਮੈਨੂੰ ਆਪਣੀ ਤਾਕਤ ਆਪਣੇ ਲੋਕਾਂ ਤੋਂ ਮਿਲਦੀ ਹੈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਨੂੰ ਲੈ ਕੇ ਹਾਈਕਮਾਨ ਵਿਚ ਸ਼ਿਕਾਇਤ ਕੀਤੀ ਸੀ ਕਿ ਉਹ ਭਾਜਪਾ ਗਤੀਵਿਧੀਆਂ ਨੂੰ ਲੈ ਕੇ ਮਦਦ ਕਰ ਰਹੇ ਹਨ। ਸ਼ਿਕਾਇਤ ਮਿਲਣ ਦੇ ਬਾਅਦ ਉਕਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਜਿਸ ਦੇ ਬਾਅਦ ਕਮੇਟੀ ਨੇ ਜਾਂਚ ਵਿਚ ਉਨ੍ਹਾਂ ਨੂੰ ਦੋਸ਼ੀ ਪਾਇਆ। ਇਸੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਉਨ੍ਹਾਂ ਨੂੰ 3 ਦਿਨ ਦਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਧੀ ਜੈਇੰਦਰ ਕੌਰ ਤੇ ਦੋਹਤਾ ਨਿਰਵਾਣ ਸਿੰਘ ਭਾਜਪਾ ਵਿਚ ਸ਼ਾਮਲ ਹੋਏ। ਪ੍ਰਨੀਤ ਕੌਰ ਉਸ ਦੇ ਬਾਅਦ ਤੋਂ ਹੀ ਪਾਰਟੀ ਵਿਚ ਨਿਸ਼ਾਨੇ ‘ਤੇ ਸਨ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: