1993 ਵਿੱਚ ਦਿੱਲੀ ਧਮਾਕਿਆਂ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਗ੍ਰਹਿ ਮੰਤਰੀ ਸਤਿਏਂਦਰ ਜੈਨ ਦਿੱਲੀ ਦੀ ਜੇਲ੍ਹ ਵਿੱਚ ਬੰਦ ਕਈ ਕੈਦੀਆਂ ਦੇ ਨਾਲ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਫੈਸਲਾ ਕਰਨਗੇ।
ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਪ੍ਰੋ. ਭੁੱਲਰ ਅੱਜ ਰਿਹਾਅ ਹੋ ਸਕਦੇ ਹਨ। ਇਹ ਪੰਜਾਬ ਦੀ ਇੱਕ ਹੋਰ ਜਿੱਤ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਉਨ੍ਹਾਂ 8 ਸਿੰਘਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੂੰ ਮੋਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਰਿਹਾਅ ਕੀਤਾ ਸੀ ਪਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮਜਬੂਰੀਆਂ ਕਰਕੇ ਅਜੇ ਤੱਕ ਰਿਹਾਅ ਨਹੀਂ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਲਈ ਸਜ਼ਾ ਸਮੀਖਿਆ ਬੋਰਡ ਦੀ ਅੱਜ ਮੀਟਿੰਗ ਹੋ ਰਹੀ ਹੈ।
ਦੱਸਣਯੋਗ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਲਈ ਸਾਲ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਸਾਲ 2014 ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਵਿੱਚ ਦੇਰ ਤੇ ਸਿਹਤ ਕਾਰਨਾਂ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਦਿੱਲੀ ਸਰਕਾਰ ਵੱਲੋਂ ਭੁੱਲਰ ਦੀ ਰਿਹਾਈ ਸਬੰਧੀ ਕੋਈ ਫੈਸਲਾ ਨਾ ਲਏ ਜਾਣ ‘ਤੇ ਪਰਿਵਾਰ ਸਰਕਾਰ ‘ਤੇ ਨਾਰਾਜ਼ਗੀ ਜ਼ਾਹਰ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦਿੱਲੀ ਸਰਕਾਰ ਨੇ ਇਸ ਸਬੰਧੀ ਕਿਹਾ ਹੈ ਕਿ ਇਸ ਸੈਂਟੇਂਸ ਰਿਵਿਊ ਬੋਰਡ ਵਿੱਚ ਦਿੱਲੀ ਸਰਕਾਰ, ਅਦਾਲਤ ਤੇ ਪੁਲਿਸ ਸ਼ਾਮਲ ਹੈ। ਸੈਂਟੇਂਸ ਰਿਵਿਊ ਬੋਰਡ ਵਿੱਚ ਦਿੱਲੀ ਦੇ ਗ੍ਰਹਿ ਮੰਤਰੀ ਸੱਤਿਏਂਦਰ ਜੈਨ ਪ੍ਰਧਾਨ ਹਨ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਛੇ ਹੋਰ ਮੈਂਬਰ ਹਨ, ਜਿਸ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਸਕੱਤਰ ਦਿੱਲੀ, ਕਾਨੂੰਨ ਸਕੱਤਰ, ਡਿਸਟ੍ਰਿਕਟ ਜੱਜ, ਸੀਨੀਅਰ ਦਿੱਲੀ ਪੁਲਿਸ ਅਧਿਕਾਰੀਆਂ ਤੇ ਡਾਇਰੈਕਟਰ ਦਿੱਲੀ ਸੋਸ਼ਲ ਵੈੱਲਫੇਅਰ ਡਿਪਾਰਟਮੈਂਟ ਸ਼ਾਮਲ ਹਨ।
ਮੈਂਬਰਾਂ ਦੇ ਫੈਸਲਾ ਲੈਣ ਤੋਂ ਬਾਅਦ ਮਨਜ਼ੂਰੀ ਲਈ ਉਪਰਾਜਪਾਲ ਨੂੰ ਪ੍ਰਸਤਾਵ ਭੇਜਿਆ ਜਾਂਦਾ ਹੈ, ਇਸ ‘ਤੇ ਆਖਰੀ ਫੈਸਲਾ ਲੈਣ ਦਾ ਅਧਿਕਾਰ ਉਪਰਾਜਪਾਲ ਦੇ ਕੋਲ ਹੁੰਦਾ ਹੈ।