ਚੰਡੀਗੜ੍ਹ : ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਤੋਂ ਈ-ਵਾਹਨ ਦੇ ਨਾਲ-ਨਾਲ ਅੰਮ੍ਰਿਤਸਰ ਵਿਚ ਈ-ਆਟੋਜ਼ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਈ-ਵਾਹਨ ਸੇਵਾ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋਜ਼ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਪੇਸ਼ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟ ਦੇ ਇਹ ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਲਈ ਇੱਕ ਪ੍ਰੋਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਵਜੋਂ ਇਹ ਵਿਕਾਸ ਕਾਰਜਾਂ ਲਈ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ ‘ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਕੈਂਟਰ ਤੇ ਬਾਈਕ ਦੀ ਹੋਈ ਟੱਕਰ, 2 ਨੌਜਵਾਨਾਂ ਦੀ ਮੌਕੇ ‘ਤੇ ਗਈ ਜਾਨ
CM ਮਾਨ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਨੂੰ ਇੱਕ ਵੱਡੀ ਨੁਹਾਰ ਮਿਲੇਗੀ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਰਾਹੀਂ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ‘ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: