ਚੰਡੀਗੜ੍ਹ/ਕਪੂਰਥਲਾ: ਪੰਜਾਬ ਪੁਲਿਸ ਨੇ ਜੇਲ੍ਹਾਂ ਵਿੱਚ ਬੰਦ ਮਸ਼ਹੂਰ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਪੂਰਥਲਾ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 20 ਕਿਲੋ ਹੈਰੋਇਨ ਬਰਾਮਦ ਕੀਤੀ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 100 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਦੋ IAS ਅਧਿਕਾਰੀਆਂ ਦਾ ਹੋਇਆ ਤਬਾਦਲਾ
ਦੋਵੇਂ ਨਸ਼ਾ ਸਪਲਾਇਰ-ਡੀਲਰਾਂ ਦੀ ਪਛਾਣ ਹੁਸ਼ਿਆਰਪੁਰ ਦੇ ਸਾਰੰਗਵਾਲ ਪਿੰਡ ਦੇ ਬਲਵਿੰਦਰ ਸਿੰਘ ਅਤੇ ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਇਲਾਕੇ ਦੇ ਪੀਟਰ ਮਸੀਹ ਵਜੋਂ ਹੋਈ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੰਗਲਵਾਰ ਨੂੰ ਕਪੂਰਥਲਾ ਵਿੱਚ ਇੱਕ ਹਾਈ-ਟੈਕ ਨਾਕਾ ਲਾਇਆ ਸੀ। ਢਿੱਲਵਾਂ ਵਿਖੇ ਇੱਕ ਟਰੱਕ ਅਤੇ ਇੱਕ ਹੁੰਡਈ ਕਾਰ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਪਾਰਟੀ ਨੇ ਵਾਹਨਾਂ ਨੂੰ ਚੈਕ ਪੁਆਇੰਟ ‘ਤੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਗੱਡੀ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਡੀਜੀਪੀ ਨੇ ਇਹ ਵੀ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਖੁਲਾਸਾ ਕੀਤਾ ਹੈ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਅਤੇ ਪੀਟਰ ਮਸੀਹ ਦੁਆਰਾ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕੀਤੀ ਜਾ ਰਹੀ ਸੀ ਅਤੇ ਉਸ ਖੇਪ ਨੂੰ ਇਕੱਠਾ ਕਰਨ ਦੀ ਜ਼ਿੰਮੇਵਾਰੀ ਲਈ ਸੀ। ਇਸ ਦੌਰਾਨ ਕਪੂਰਥਲਾ ਦੇ ਐਸਐਸਪੀ ਐਚਐਸ ਖੱਖ ਨੇ ਦੱਸਿਆ ਕਿ ਹੈਰੋਇਨ ਦੀ ਇਸ ਖੇਪ ਨੂੰ ਲੁਕਾਉਣ ਲਈ ਡਰਾਈਵਰ ਨੇ ਟਰੱਕ ਦੀ ਛੱਤ ਵਿੱਚ ਦੋ ਵਿਸ਼ੇਸ਼ ਡੱਬੇ ਬਣਾਏ ਸਨ। ਫਿਲਹਾਲ ਪੁਲਿਸ ਨੇ ਖੇਪ ਨੂੰ ਕਬਜ਼ੇ ਵਿੱਚ ਲੈ ਕੇ ਅਤੇ ਚਾਲਕਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਅਤੇ ਇਸ ਨਸ਼ੀਲੇ ਪਦਾਰਥ ਦੇ ਨੈਟਵਰਕ ਨਾਲ ਜੁੜੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਪੁਲਿਸ ਰਿਮਾਂਡ ਮੰਗੇਗੀ।
ਇਹ ਵੀ ਪੜ੍ਹੋ : ਸਾਬਕਾ DGP ਸੈਣੀ ਨੂੰ ਹਾਈਕੋਰਟ ਦਾ ਵੱਡਾ ਝਟਕਾ- ਸਾਰੀਆਂ ਅਰਜ਼ੀਆਂ ਕੀਤੀਆਂ ਖਾਰਿਜ