ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਜਦੋਂ ਕਿ ਉਸ ਦੇ 78 ਸਮਰਥਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਫਰਾਰ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਮਰਥਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ।
ਦੱਸ ਦੇਈਏ ਕਿ ਬੀਤੇ ਦਿਨੀਂ ਜਿਹੜੇ 78 ਸਮਰਥਕ ਗ੍ਰਿਫਤਾਰ ਕੀਤੇ ਗਏ ਹਨ ਉਨ੍ਹਾਂ ਖਿਲਾਫ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।
ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਫੇਕ ਨਿਊਜ਼ ਤੇ ਅਫਵਾਹਾਂ ਉਤੇ ਧਿਆਨ ਨਾ ਦਿਓ।ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਨੂੰ ਵਿਗਾੜਨ ਲਈ ਸ਼ਰਾਰਤੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: