ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਡੇਰਾ ਬਿਆਸ ਪਹੁੰਚਣਗੇ ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਨਾਲ ਮੁਲਾਕਾਤ ਕਰਨਗੇ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਅੱਜ ਹਿੰਦੂ ਨੇਤਾਵਾਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਹੈ।
ਇਸ ਬੰਦ ਦੇ ਸੱਦੇ ਕਾਰਨ ਸੂਬੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ਰਾਹੀਂ ਆਦਮਪੁਰ ਤੋਂ ਬਿਆਸ ਜਾਣਗੇ ਤੇ ਪੰਜਾਬ ਵਿਚ ਉਹ 2 ਘੰਟੇ ਦੇ ਕਰੀਬ ਹੀ ਰੁਕਣਗੇ।
ਇਸ ਦੇ ਬਾਅਦ ਉਹ ਹਿਮਾਚਲ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰੈਲੀਆਂ ਨੂੰ ਸੰਬੋਧਨ ਕਰਨਗੇ। ਤੈਅ ਪ੍ਰੋਗਰਾਮ ਮੁਤਾਬਕ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਡੇਰਾ ਬਿਆਸ ਪਹੁੰਚਣਗੇ।
ਦੱਸ ਦੇਈਏ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਡੇਰਾ ਬਿਆਸ ਦਾ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸੇ ਵਿਚ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਕਿਸਾਨ ਨੇਤਾ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜਨਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲਖੀਮਪੁਰ ਖੀਰੀ ਵਿਚ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ ਵਿਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਹੁਣ ਤੱਕ ਇਨਸਾਫ ਨਹੀਂ ਮਿਲਿਆ ਹੈ। ਜੋ ਵੀ ਵਾਅਦੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸੀ, ਉਹ ਪੂਰੇ ਨਹੀਂ ਹੋਏ ਹਨ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।