ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਹੱਦੀ ਸੂਬਾ ਪੰਜਾਬ ਵਿਚ ਗਣਤੰਤਰ ਦਿਵਸ 2023 ਦਾ ਸ਼ਾਂਤੀਪੂਰਨ ਆਯੋਜਨ ਯਕੀਨੀ ਬਣਾਉਣ ਲਈ ਪੂਰੇ ਸੂਬੇ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸਾਰੇ ਕਮਿਸ਼ਨਰਾਂ, ਐੱਸਐੱਸਪੀ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਤੇ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਪੁਖਤਾ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੱਤਾ।
ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਤੱਕ ਫੀਲਡ ਵਿਚ ਰਹਿਣ ਲਈ ਵੀ ਕਿਹਾ। ਸੂਬੇ ਦੇ ਮਹੱਤਵਪੂਰਨ ਜ਼ਿਲ੍ਹਿਆਂ ਵਿਚ ਸੁਰੱਖਿਆ ਵਿਵਸਥਾ ਦੀ ਸਮੀਖਿਆ ਲਈ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਨਿਯੁਕਤ ਕੀਤਾ ਗਿਆ ਹੈ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਾਧੂ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਤੇ ਸ਼ੱਕੀ ਲੋਕਾਂ ਦੀ ਵਿਆਪਕ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਸਾਰੇ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉੁਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਅਲਰਟ ਰਹਿਣ ਤੇ ਕੋਈ ਵੀ ਸ਼ੱਕੀ ਚੀਜ਼ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਉਨ੍ਹਾਂ ਕਿਹਾ ਕਿ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੂਲਿਸ ਨੂੰ ਸੂਚਿਤ ਕਰ ਸਕਦੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਚ ਆਯੋਜਿਤ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਰਾਸ਼ਟਰੀ ਝੰਡਾ ਲਹਿਰਾਉਣਗੇ ਤੇ ਸਲਾਮੀ ਲੈਣਗੇ।
ਵੀਡੀਓ ਲਈ ਕਲਿੱਕ ਕਰੋ -: