ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕਰਵਾਏ ਗਏ ਵੀਰ ਬਾਲ ਦਿਵਸ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਬੇਮਿਸਾਲ ਅਤੇ ਮਹਾਨ ਕੁਰਬਾਨੀ ਮਨੁੱਖਤਾ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਹਮੇਸ਼ਾ ਪ੍ਰੇਰਿਤ ਕਰੇਗੀ।
ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਸੀ। ਉਹਨਾਂ ਨੇ ਸਰਹਿੰਦ ਦੇ ਮੁਗਲ ਗਵਰਨਰ ਦੀ ਤਾਕਤ ਦਾ ਸਾਹਮਣਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਿਖਾਈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਮਾਨ ਨੇ ਕਿਹਾ ਕਿ ਸਮੁੱਚੇ ਵਿਸ਼ਵ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਵਿਸ਼ਵ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀਆਂ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਜਿਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੇ ਮਹਾਨ ਗੁਰੂਆਂ ਤੋਂ ਪ੍ਰੇਰਨਾ ਲਈ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ।
ਇਹ ਵੀ ਪੜ੍ਹੋ : ‘ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ, ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਾਜ਼ਮੀ’ : ਡੀਸੀ ਕਪੂਰਥਲਾ
ਹੋਰ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹੀਂ ਦਿਨੀਂ ਮੇਰੇ ਦਾਦਾ ਜੀ ਕਦੇ ਮੰਜੇ ‘ਤੇ ਨਹੀਂ ਸੌਂਦੇ ਸਨ। ਉਨ੍ਹਾਂ ਕਿਹਾ ਕਿ ਮੈਂ ਇਹ ਜਾਣਨ ਲਈ ਉਤਸੁਕ ਸੀ ਕਿ ਮੇਰੇ ਦਾਦਾ-ਦਾਦੀ 20 ਦਸੰਬਰ ਤੋਂ ਬਾਅਦ ਫਰਸ਼ ‘ਤੇ ਕਿਉਂ ਸੌਂਦੇ ਹਨ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇਸ ਮਹੀਨੇ ਸਿੱਖ ਭਾਈ ਜੋਰਾਵਰ ਸਿੰਘ ਅਤੇ ਭਾਈ ਫਤਹਿ ਸਿੰਘ ਦੀ ਸ਼ਹਾਦਤ ਦੇ ਸੋਗ ਵਜੋਂ ਉਹ ਫਰਸ਼ ‘ਤੇ ਸੌਂਦੇ ਹਨ। ਉਨ੍ਹਾਂ ਦੱਸਿਆਂ ਕਿ ਸਾਹਿਬਜ਼ਾਦਿਆਂ ਨੇ 7 ਤੇ 9 ਸਾਲ ਦੀ ਉਮਰ ਵਿਚ ਮਹਾਨ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ ਸੀ, ਇਸੇ ਲਈ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਜੋਂ ਉਹ ਅਜਿਹਾ ਕਰਦੇ ਹਨ।