ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਕਿ ਸ਼ੁਭਕਰਨ ਦੀ ਮੌਤ ਦੀ ਜੋ ਜਾਂਚ ਚੱਲ ਰਹੀ ਹੈ, ਉਸ ਨੂੰ ਰੋਕਿਆ ਜਾਵੇ । ਪਰ ਸੁਪਰੀਮ ਕੋਰਟ ਨੇ ਜਾਂਚ ‘ਤੇ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਦੋਵੇਂ ਸੂਬਿਆਂ ਦੇ ਅਧਿਕਾਰੀ ਜਾਂਚ ਵਿਚ ਸ਼ਾਮਲ ਹਨ ਇਸ ਲਈ ਪਹਿਲਾਂ ਰਿਪੋਰਟ ਨੂੰ ਆਉਣ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਦਿਓ, ਬਾਅਦ ਵਿਚ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ।
ਦੱਸ ਦੇਈਏ ਕਿ 13 ਫਰਵਰੀ ਤੋਂ ਕਿਸਾਨ ਲਗਾਤਾਰ ਹਰਿਆਣਾ-ਪੰਜਾਬ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਸ਼ੰਭੂ-ਖਨੌਰੀ ਤੇ ਡਬੱਵਾਲੀ ਬਾਰਡਰ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 21 ਫਰਵਰੀ ਨੂੰ ਕਿਸਾਨ ਆਗੂ ਸ਼ੁਭਕਰਨ ਦੀ ਮੌਤ ਹੋਈ ਸੀ। ਉਸ ਦੀ ਉਮਰ ਮਹਿਜ਼ 22 ਸਾਲ ਸੀ। ਕਿਸਾਨ ਸ਼ੁਭਕਰਨ ਸਿੰਘ ਦੀ ਪੁਲਿਸ ਨਾਲ ਝੜਪ ਵਿਚ ਹੋਈ ਮੌਤ ਦੀ ਜਾਂਚ ਹਾਈਕੋਰਟ ਦੇ ਰਿਟਾਇਰਡ ਜੱਜ ਤੋਂ ਕਰਵਾਉਣਦੇ ਹਾਈਕੋਰਟ ਦੇ ਆਰਡਰ ਨੂੰ ਸੁਪਰੀਮ ਕੋਰਟ ਵਿਚ ਹਰਿਆਣਾ ਸਰਕਾਰ ਨੇ ਚੁਣੌਤੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੇ ਆਰਡਰ ‘ਤੇ ਰੋਕ ਲਗਾਉਣ ਤੋਂ ਸਾਫ ਮਨ੍ਹਾ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਰਿਟਾਇਰਡ ਹਾਈਕੋਰਟ ਦੇ ਜੱਜ ਦੀ ਅਗਵਾਈ ਵਿਚ ਜੋ ਕਮੇਟੀ ਬਣੀ ਹੈ ਉਸ ਵਿਚ ਹਰਿਆਣਾ ਤੇ ਪੰਜਾਬ ਦੋਵਾਂ ਦੇ ਏਡੀਜੀਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ ਜਿਸ ਨਾਲ ਲੋਕਾਂ ਦਾ ਕਾਨੂੰਨ ਵਿਵਸਥਾ ‘ਤੇ ਵਿਸ਼ਵਾਸ ਮਜ਼ਬੂਤ ਹੋਵੇਗਾ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਹਵਾਈ ਅੱਡੇ ‘ਤੇ ਭਲਕੇ ਤੋਂ 3 ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਜੇ ਮਾਮਲਾ ਹਾਈਕੋਰਟ ਵਿਚ ਪੈਂਡਿੰਗ ਹੈ ਜਿਸ ਦੀ ਸੁਣਵਾਈ 10 ਅਪ੍ਰੈਲ ਨੂੰ ਹੋਣੀ ਹੈ ਤੇ ਰਿਪੋਰਟ ਵੀ ਕੋਰਟ ਵਿਚ ਸਬਮਿਟ ਨਹੀਂ ਹੋਈ ਹੈ। ਰਿਪੋਰਟ ਆਉਣ ਦੇ ਬਾਅਦ ਹੀ ਮਾਮਲੇ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਅਜਿਹੇ ਵਿਚ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਨੂੰ ਨਿਰਧਾਰਤ ਕੀਤੀ ਹੈ।