ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਾ ਕਾਰੋਬਾਰ ਨਾਲ ਜੁੜੇ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਦੇ ਘਰ ’ਤੇ ਡਿਮੋਲਿਸ਼ਨ ਡਰਾਈਵ ਚਲਾਉਂਦਿਆਂ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਰਹੀ।
ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਤਿੰਦਰ ਪਾਲ ਸਿੰਘ ਸੋਨੀ ਖ਼ਿਲਾਫ਼ ਕੁੱਲ ਅੱਠ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚੋਂ ਸੱਤ ਮਾਮਲੇ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਹਨ, ਜਦਕਿ ਇੱਕ ਮਾਮਲਾ ਜੇਲ੍ਹ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਜੇਲ੍ਹ ਤੋਂ ਬਾਹਰ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਰਹੇ ਹਨ।

ਡੀਸੀਪੀ ਸੰਧੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਬੰਧਤ ਵਿਅਕਤੀ ਦੇ ਮਕਾਨ ਵਿੱਚ ਕੀਤੀ ਗਈ ਨਾਜਾਇਜ਼ ਉਸਾਰੀ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਰਾਹੀਂ ਉਸਾਰੀ ਸਬੰਧੀ ਕਾਰਵਾਈ ਲਈ ਸਮਾਂ ਵੀ ਦਿੱਤਾ ਗਿਆ ਸੀ, ਪਰ ਨਿਰਧਾਰਤ ਸਮੇਂ ਦੌਰਾਨ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਜ ਨਾਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀਆਂ ਜਾਇਦਾਦਾਂ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਵਿੱਚ ਆਉਣ ਵਾਲੀ ਹਰ ਕਾਰਵਾਈ ਅੱਗੇ ਵੀ ਜਾਰੀ ਰੱਖੀ ਜਾਵੇਗੀ।
ਡੀਸੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਇਸ ਸਾਲ ਹੁਣ ਤੱਕ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਹੁਣ ਤੱਕ 1312 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 2150 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਰੀਬ 137 ਕਿਲੋ ਹੈਰੋਇਨ ਅਤੇ 76 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਘਰ ਵਿੱਚ ਬਣਾਏ ਗਏ ਜਿਮ ਅਤੇ ਹੋਰ ਉਸਾਰੀ ਸਬੰਧੀ ਸਵਾਲ ’ਤੇ ਡੀਸੀਪੀ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮੁਲਜ਼ਮ ਦੀਆਂ ਹੋਰ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਿਹੜੀ ਵੀ ਉਸਾਰੀ ਨਾਜਾਇਜ਼ ਪਾਈ ਗਈ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਡੀਸੀਪੀ ਸੰਧੂ ਨੇ ਸ਼ਹਿਰ ਵਿੱਚ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਸਬੰਧੀ ਵੀ ਸਪੱਸ਼ਟ ਕੀਤਾ ਕਿ ਆਮ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਸੁਰੱਖਿਆ ਲਈ ਕੈਮਰੇ ਲਗਾ ਸਕਦੇ ਹਨ। ਗਲੀਆਂ ਅਤੇ ਜਨਤਕ ਥਾਵਾਂ ਨੂੰ ਕਵਰ ਕਰਨ ਵਾਲੇ ਕੈਮਰੇ ਲਗਾਉਣ ਵਿੱਚ ਵੀ ਕੋਈ ਸਮੱਸਿਆ ਨਹੀਂ ਹੈ। ਹਾਲਾਂਕਿ, ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਅਤੇ ਘਰ ਦੇ ਅੰਦਰ ਦੀ ਗੋਪਨੀਯਤਾ ਭੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੁਲਿਸ ਵੀ ਸੀਸੀਟੀਵੀ ਕੈਮਰਿਆਂ ਦੀ ਮੌਜੂਦਗੀ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਕਾਰਵਾਈ ਦੀ ਰਣਨੀਤੀ ਤਿਆਰ ਕਰਦੀ ਹੈ ਅਤੇ ਅਪਰਾਧੀਆਂ ਨੂੰ ਇਨ੍ਹਾਂ ਦਾ ਗਲਤ ਫਾਇਦਾ ਨਹੀਂ ਉਠਾਉਣ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








