Chandigarh administration bans crackers : ਚੰਡੀਗੜ੍ਹ ਵਿੱਚ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਪਟਾਕੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਹਨ। ਇਸ ਸੰਬੰਧੀ ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰਿਦਾ ਦੇ ਹਸਤਾਖਰਾਂ ਵਾਲੇ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਚੰਡੀਗੜ੍ਹ ਵਿੱਚ ਕਿਸੇ ਵੀ ਤਰਾਂ ਦੇ ਪਟਾਕੇ ਵੇਚਣ ਜਾਂ ਇਸਤੇਮਾਲ ਕਰਨ ‘ਤੇ ਪੂਰਨ ਪਾਬੰਦੀ ਰਹੇਗੀ। ਇਹ ਹਿਦਾਇਤਾਂ ਕੋਵਿਡ-19 ਦੇ ਫੈਲਣ ਦੇ ਖਤਰੇ ਨੂੰ ਰੋਕਣ ਲਈ ਇੱਕ ਰੋਕਥਾਮ ਉਪਾਅ ਵਜੋਂ ਜਾਰੀ ਕੀਤੇ ਗਏ ਹਨ ਕਿਉਂਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।
ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਅੱਜ 6 ਨਵੰਬਰ ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਥੇ ਤੁਹਾਨੂੰ ਦੱਸਣਯੋਗ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪਟਾਕਿਆਂ ਦੀ ਵਰਤੋਂ ‘ਤੇ ਰੋਕ ਲਗਾਉਣ ਸੰਬੰਧੀ ਵੀ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਸ਼ਾਸਨ ਵੱਲੋਂ 7 ਤੋਂ 30 ਨਵੰਬਰ ਤੱਕ ਰੋਕ ਲਗਾਈ ਜਾਣੀ ਚਾਹੀਦੀ ਹੈ। ਐਨਜੀਟੀ ਵੱਲੋਂ ਚੰਡੀਗੜ੍ਹ ਵਿੱਚ ਹਵਾ ਦੀ ਕੁਆਲਿਟੀ ਖਰਾਬ ਹੋਣ ਦੇ ਚੱਲਦਿਆਂ ਜਾਰੀ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਜਾਰੀ ਹੁਕਮਾਂ ਵਿੱਚ ਪ੍ਰਸ਼ਾਸਨ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਹ ਹੁਕਮ ਕਦੋਂ ਤੱਕ ਜਾਰੀ ਰਹਿਣਗੇ।
ਯੂਟੀ ਦੇ ਸਲਾਹਕਾਰ ਮਨੋਜ ਪਰੀਦਾ ਨੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਅੱਜ ਇਸ ਸੰਬੰਧੀ ਮੀਟਿੰਗ ਵਿੱਚ ਫੈਸਲਾ ਲੈਂਦੇ ਹੋਏ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਰੋਗੀ ਕਲਿਆਣ ਸਮਿਤੀ ਦੇ ਮੈਂਬਰ ਅਜੇ ਜੱਗਾ ਨੇ ਵੀ ਚੰਡੀਗੜ੍ਹ ਪ੍ਰਸ਼ਾਸਕ ਨੂੰ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਿਹਤ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਪਟਾਕੇ ਚਲਾਉਣ ਨਾਲ ਪ੍ਰਦੂਸ਼ਿਤ ਹਵਾ ਕਾਰਨ ਐਲਰਜੀ ਅਤੇ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਹੋਰ ਵੀ ਵਧੇਗਾ।