ਚੰਡੀਗੜ੍ਹ ਦੇ ਨਵਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦਫਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕਿਹਾ ਕਿ ਮੈਨੂੰ ਨਿਆਂਪਾਲਿਕਾ ਤੋਂ ਉਮੀਦ ਸੀ ਕਿ ਸਾਨੂੰ ਇਨਸਾਫ ਮਿਲੇਗਾ। ਇਸ ਦੌਰਾਨ ਨਿਗਮ ਅਧਿਕਾਰੀਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ ਤੇ ਗੁਲਦਸਤੇ ਭੇਟ ਕੀਤੇ। ਉਨ੍ਹਾਂ ਦੇ ਸਵਾਗਤ ਲਈ ਨਗਰ ਨਿਗਮ ਵਿੱਚ ਰੈੱਡ ਕਾਰਪੇਟ ਵਿਛਾਇਆ ਗਿਆ। ਜਿਵੇਂ ਹੀ ਮੇਰੀ ਅਧਿਕਾਰੀਆਂ ਨਾਲ ਬੈਠਕ ਹੁੰਦੀ ਹੈ, ਉਸੇ ਤਹਿਤ ਰੋਡਮੈਪ ‘ਤੇ ਕੰਮ ਕਰਾਂਗੇ।
ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਸੀ ਕਿ ਕੁਲਦੀਪ 28 ਫਰਵਰੀ ਨੂੰ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ ਅਤੇ 28 ਤੇ 29 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦੇ ਲਈ ਨਾਮਜ਼ਦਗੀ ਦਰਜ ਕੀਤੀ ਜਾਏਗੀ। ਇਸ ਤੋਂ ਬਾਅਦ ਇਹ ਯਕੀਨੀ ਕਰਨਗੇ ਕਿ 4 ਮਾਰਚ ਨੂੰ ਦੋਵਾਂ ਅਹੁਦਿਆਂ ਲਈ ਚੋਣ ਸੰਪੰਨ ਕਰਾਈ ਜਾਵੇ।
ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਹੀ ਉਨ੍ਹਾਂ ਦੀ ਕੁਰਸੀ ’ਤੇ ਨਹੀਂ ਬੈਠੇ ਹਨ ਤਾਂ ਇਹ ਚੋਣ ਕਿਵੇਂ ਹੋ ਸਕਦੀ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਜਦੋਂਕਿ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ ਸਨ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ।
ਇਹ ਵੀ ਪੜ੍ਹੋ : ਕਫ ਸਿਰਪ ਨਾਲ 68 ਬੱਚਿਆਂ ਦੀ ਮੌ.ਤ ਦਾ ਮਾਮਲਾ, ਉਜ਼ਬੇਕਿਸਤਾਨ ‘ਚ ਭਾਰਤੀ ਨਾਗਰਿਕ ਨੂੰ 20 ਸਾਲ ਦੀ ਜੇਲ੍ਹ
ਗਠਜੋੜ ਨੇ ਦੋਸ਼ ਲਾਇਆ ਸੀ ਕਿ ਰਿਟਰਨਿੰਗ ਅਫਸਰ ਨੇ ਜਾਣਬੁੱਝ ਕੇ ਉਨ੍ਹਾਂ ਦੀਆਂ ਵੋਟਾਂ ਅਯੋਗ ਕਰਾਰ ਦਿੱਤੀਆਂ ਹਨ। ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਗਏ। ਗਠਜੋੜ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 8 ਵੋਟਾਂ ਨੂੰ ਸਹੀ ਮੰਨਦਿਆਂ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਬਣਾਉਣ ਦਾ ਫੈਸਲਾ ਸੁਣਾਇਆ।
ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਭਾਜਪਾ ਵੱਲੋਂ ਚੁਣੇ ਗਏ। ਇਹ ਚੋਣ ਮੇਅਰ ਮਨੋਜ ਸੋਨਕਰ ਨੇ ਕਰਵਾਈ। ਇਸ ਲਈ ਉਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।