Corona outbreak in Tricity : ਚੰਡੀਗੜ੍ਹ ’ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਅੱਜ ਬੁੱਧਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਦੇ 332 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਤੱਕ ਸ਼ਹਿਰ ਵਿਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 6704 ਤੱਕ ਪਹੁੰਚ ਗਈ ਹੈ, ਜਦਕਿ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ ਵਿੱਚ 2484 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਥੇ ਹੀ ਅੱਜ ਮੋਹਾਲੀ ਵਿੱਚ ਵੀ ਵੱਡੀ ਗਿਣਤੀ ਵਿੱਚ 307 ਮਾਮਲੇ ਸਾਹਮਣੇ ਆਏ ਅਤੇ ਅੱਠ ਲੋਕਾਂ ਦੀ ਮੌਤ ਹੋ ਗਈ।
ਉਧਰ ਪੰਚਕੂਲਾ ਵਿੱਚ ਬੁੱਧਵਾਰ ਨੂੰ ਲਗਭਗ 250 ਮਾਮਲੇ ਸਾਹਮਣੇ ਆਏ ਹਨ ਅਤੇ ਦੋ ਮਰੀਜ਼ਾਂ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਵਿੱਚੋਂ ਇੱਕ ਮਰੀਜ਼ ਦੀ ਚੰਡੀਗੜ੍ਹ ਵਿੱਚ ਕੋਰੋਨਾ ਦੇ ਇਲਾਜ ਦੌਰਾਨ ਮੌਤ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ 250 ਕੋਰੋਨਾ ਪਾਜ਼ੀਟਿਵ ਮਰੀਜ਼ ਪੰਚਕੂਲਾ ਦੇ ਵੱਖ-ਵੱਖ ਖੇਤਰਾਂ ਤੇ ਸੈਕਟਰਾਂ ਵਿੱਚ ਸ਼ਾਮਲ ਹਨ। ਨਾਲ ਹੀ ਕੁਝ ਕੋਰੋਨਾ ਪਾਜ਼ੀਟਿਵ ਮਰੀਜ਼ ਹੋਰਨਾਂ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਕੋਰੋਨਾ ਪੀੜਤਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਆਈਸੋਲੇਟ ਕਰਨ ਦੀ ਪ੍ਰਕਿਰਿਆ ਵਿੱਚ ਸਿਹਤ ਵਿਭਾਗ ਜੁਟ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਵੀ ਟ੍ਰਾਈਸਿਟੀ ਵਿੱਚ 763 ਮਾਮਲੇ ਆਏ ਹਨ ਅਤੇ 684 ਲੋਕ ਠੀਕ ਹੋਏ। ਇਸ ਤੋਂ ਇਲਾਵਾ 6 ਮੌਤਾਂ ਹੋ ਗਈਆਂ। ਇਨ੍ਹਾਂ ਵਿੱਚੋਂ ਮੋਹਾਲੀ ’ਚ 168 ਮਾਮਲੇ ਤੇ ਤਿੰਨ ਮੌਤਾਂ ਹੋਈਆਂ ਉਥੇ ਹੀ ਚੰਡੀਗੜ੍ਹ ਵਿੱਚ 377 ਮਾਮਲੇ ਅਤੇ ਪੰਚਕੂਲਾ ਵਿੱਚ ਦੋ ਮੌਤਾਂ ਨਾਲ 218 ਮਾਮਲੇ ਆਏ ਸਨ। ਹੁਣ ਤੱਕ ਮੋਹਾਲੀ ਵਿੱਚ ਕੋਰੋਨਾ ਨਾਲ 116 ਮੌਤਾਂ ਹੋ ਚੁੱਕੀਆਂ ਹਨ ਜਦਕਿ 2206 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਮੋਹਾਲੀ ਜ਼ਿਲ੍ਹੇ ਤੋਂ ਕੋਰੋਨਾ ਦੇ 5274 ਮਾਮਲੇ ਸਾਹਮਣੇ ਆ ਚੁੱਕੇ ਹਨ। ਟ੍ਰਾਈਸਿਟੀ ਵਿੱਚ ਹਾਲਾਤ ਹੋਰ ਵੀ ਖਰਾਬ ਹੁੰਦੇ ਜਾ ਰਹੇ ਹਨ, ਜੋਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।