65-year-old : ਅੱਜ 15 ਅਗਸਤ ਕਾਰਨ ਪੂਰੇ ਸੂਬੇ ਵਿਚ ਸੁਰੱਖਿਆ ਦੇ ਪ੍ਰਬੰਧ ਬਹੁਤ ਸਖਤ ਕੀਤੇ ਗਏ ਹਨ ਪਰ ਫਿਰ ਵੀ ਇਸ ਦੇ ਬਾਵਜੂਦ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਜ਼ਰਾ ਵੀ ਡਰ ਨਹੀਂ ਹੈ ਤੇ ਉਨ੍ਹਾਂ ਵਲੋਂ ਕ੍ਰਾਈਮ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਗੜ੍ਹਸ਼ੰਕਰ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ 65 ਸਾਲਾ ਬਜ਼ੁਰਗ ਦਾ ਬਹੁਤ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਬਜ਼ੁਰਗ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਫਕੀਰਿਆ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਰਾਤ ਨੂੰ ਪਸ਼ੂਆਂ ਦੇ ਵਾਹੜੇ ਵਿਚ ਸੌਂਦੇ ਸੀ ਤੇ ਸਵੇਰੇ ਘਰ ਵਾਪਸ ਆ ਜਾਂਦਾ ਸੀ ਪਰ ਅੱਜ ਜਦੋਂ ਉਹ ਕਾਫੀ ਦੇਰ ਤਕ ਘਰ ਵਾਪਸ ਨਹੀਂ ਆਇਆ ਤਾਂ ਘਰਦਿਆਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ ਜਿਸ ਕਾਰਨ ਉਹ ਖੁਦ ਵਾਹੜੇ ਵਿਚ ਗਏ ਤਾਂ ਉਥੇ ਉਨ੍ਹਾਂ ਨੇ ਦੇਖਿਆ ਕਿ ਜਸਵਿੰਦਰ ਸਿੰਘ ਦੀ ਲਾਸ਼ ਖੂਨ ਨਾਲ ਲਥਪਥ ਪਈ ਸੀ। ਇਸ ਸਾਰੀ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਮਾਹਿਲਪੁਰ ਪੁਲਿਸ ਮੌਕੇ ‘ਤੇ ਪੁੱਜੀ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਉਸ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਬਜ਼ੁਰਗ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਅਜੇ ਤਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਬਜ਼ੁਰਗ ਦਾ ਕਤਲ ਕਿਉਂ ਕੀਤਾ ਗਿਆ? ਪੁਲਿਸ ਵਲੋਂ ਜਾਂਚ ਜਾਰੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।