A protest against : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵਧ ਲੋਕਾਂ ਦੀ ਮੌਤ ਹੋਣ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਉਨ੍ਹਾਂ ਥਾਵਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ, ਜਿੱਥੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਸਨ। 14 ਅਗਸਤ ਮਤਲਬ ਅੱਜ ਖੰਨਾ ਵਿੱਚ ਵੀ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਰੋਸ ਪ੍ਰਦਰਸ਼ਨ ਕਰੇਗੀ। ਲੌਕਡਾਊਨ ਦੌਰਾਨ ਖੰਨਾ ਵਿੱਚ ਇੱਕ ਨਾਜਾਇਜ਼ ਫੈਕਟਰੀ ਫੜੀ ਗਈ ਸੀ। ਇਸੇ ਮੁੱਦੇ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ਨੂੰ ਲੈ ਕੇ ਅਕਾਲੀ ਦਲ ਅੱਜ ਕੈਪਟਨ ਸਰਕਾਰ ਨੂੰ ਘੇਰਨ ਜਾ ਰਿਹਾ ਹੈ। ਕੁਝ ਹੀ ਦੇਰ ਵਿਚ ਸੁਖਬੀਰ ਸਿੰਘ ਬਾਦਲ ਉਥੇ ਪਹੁੰਚ ਰਹੇ ਹਨ।
ਅਕਾਲੀ ਦਲ ਦਾ ਕਹਿਣਾ ਹੈ, ਕਿ ਜੇਕਰ ਸਰਕਾਰ ਨੇ ਨਾਜਾਇਜ਼ ਚੱਲ ਰਹੀ ਡਿਸਟਲਰੀਆਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਹੁੰਦੀ ਤਾਂ ਤਿੰਨ ਜ਼ਿਲ੍ਹਿਆਂ ਵਿੱਚ ਸ਼ਰਾਬ ਹੱਤਿਆਕਾਂਡ ਨਾ ਹੁੰਦਾ। ਅਕਾਲੀ ਦਲ ਦਾ ਦੋਸ਼ ਹੈ ਕਿ ਕੈਪਟਨ ਅਮਰਿੰਦਰ ਦੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੀਆਂ ਫੈਕਟਰੀਆਂ ਚਲਾਕੇ ਪੰਜਾਬ ਦੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਸ ਸ਼ਰਾਬ ਮਾਫਿਆ ਸਕੈਂਡਲ ਦੇ ਮੁੱਖ ਮੁਲਜ਼ਮਾਂ ਨੂੰ ਸਖਤ ਸਜ਼ਾ ਦਿਵਾਉਣ ਲਈ ਅੱਜ ਖੰਨਾ ਦੇ ਜੀਟੀ ਰੋਡ ਅਮਲੋਹ ਰੋਡ ਪੁੱਲ ਦੇ ਹੇਠਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ, ਚਰਨਜੀਤ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾਂ ਸਿੰਘ ਗਾਬੜੀਆ ਆਦਿ ਹਾਜ਼ਰ ਹੋਣਗੇ।