AAP delegation to : ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਵਫਦ ਉੱਤਰ ਪ੍ਰਦੇਸ਼ ਦੇ ਤਰਾਈ ਇਲਾਕੇ ਦੇ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗਾ, ਜਿਨ੍ਹਾਂ ਉੱਤੇ ਉਤਰ ਪ੍ਰਦੇਸ਼ ਅਤੇ ਉਤਰਾਖੰਡ ਸਰਕਾਰਾਂ ਨੇ ਉਜਾੜੇ ਦੀ ਤਲਵਾਰ ਲਟਕਾ ਦਿੱਤੀ ਹੈ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ‘ਤੇ ਅਧਾਰਿਤ ਤਿੰਨ ਮੈਂਬਰੀ ਵਫਦ ਸਰਕਾਰੀ ਉਜਾੜੇ ਦਾ ਸਾਹਮਣਾ ਕਰ ਰਹੇ ਤਰਾਈ ਇਲਾਕੇ ਦੇ ਕਿਸਾਨਾਂ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਦੇ ਮਸਲੇ ਨੂੰ ਉਤਰ ਪ੍ਰਦੇਸ਼ ਸਰਕਾਰ ਕੋਲ ਉਠਾਵੇਗਾ। ਪਾਰਟੀ ਦੀ ਪੰਜਾਬ ਇਕਾਈ ਦੇ ਇਸ ਵਫਦ ਨਾਲ ਦਿੱਲੀ ਤੋਂ ਪਾਰਟੀ ਦੇ ਕੌਮੀ ਆਗੂ ਵੀ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੂਪੀ ਅਤੇ ਉਤਰਾਖੰਡ ਦੀਆਂ ਭਾਜਪਾ ਸਰਕਾਰਾਂ ਨੇ ਤਰਾਈ ਇਲਾਕੇ ਦੀਆਂ ਬੰਜਰ ਜਮੀਨਾਂ ਨੂੰ ਖਰੀਦ ਕੇ ਉਪਜਾਊ ਅਤੇ ਖੁਸ਼ਹਾਲ ਬਣਾਉਣ ਵਾਲੇ ਹਜਾਰਾਂ ਪੰਜਾਬੀ ਕਿਸਾਨਾਂ ਨੂੰ ਹੁਣ ਦਹਾਕਿਆਂ ਬਾਅਦ ਉਸੇ ਤਰ੍ਹਾਂ ਹੀ ਉਜਾੜਨ ‘ਤੇ ਤੁਲੀ ਹੈ, ਜਿਵੇਂ ਪਹਿਲਾਂ ਗੁਜਰਾਤ ਕੇ ਕੱਛ ਇਲਾਕੇ ਦੇ ਹਜਾਰਾਂ ਪੰਜਾਬੀ ਕਿਸਾਨਾਂ ਨੂੰ ਉਜਾੜ ਰਹੀ ਸੀ। ਚੀਮਾ ਨੇ ਕਿਹਾ ਕਿ ਗੁਜਰਾਤ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਉਤਰ ਪ੍ਰਦੇਸ਼ ਸਰਕਾਰਾਂ ਵੱਲੋਂ ਜਿਸ ਪੱਖਪਾਤੀ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਸ ਤੋਂ ਸਾਫ ਹੈ ਕਿ ਭਾਜਪਾ ਕਿਸਾਨ ਖਾਸ ਕਰਕੇ ਪੰਜਾਬੀ ਕਿਸਾਨ ਵਿਰੋਧੀ ਫਿਰਕੂ ਸੋਚ ਰੱਖਦੀ ਹੈ।