AAP MP writes letter : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਸੰਬੰਧਿਤ ਲਿਆਂਦੇ ਗਏ ਤਿੰਨਾਂ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਰਸਾਨੀ ਅਤੇ ਸਮੁੱਚੀ ਆਰਥਿਕ ਨੂੰ ਬਰਬਾਦ ਕਰਨ ਵਾਲੇ ਤਾਨਾਸ਼ਾਹੀ ਫ਼ੈਸਲੇ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਤਿੰਨੇ ਆਰਡੀਨੈਂਸ ਤੁਰੰਤ ਵਾਪਸ ਲਏ ਜਾਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਨੂੰ ਪਾਰਟੀ ਹੈੱਡਕੁਆਟਰ ਰਾਹੀਂ ਜਾਰੀ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020) ਲਾਗੂ ਕਰਨ ‘ਚ ਕਾਮਯਾਬ ਹੋ ਗਈ ਤਾਂ ਪੰਜਾਬ ਖ਼ਾਸ ਕਰਕੇ ਦਿਹਾਤੀ ਪੰਜਾਬ ਦੀ ਥੋੜ੍ਹੀ ਬਹੁਤੀ ਸਹਿਕਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਜਾਵੇਗੀ।
ਭਗਵੰਤ ਮਾਨ ਨੇ ਆਪਣੇ ਪੱਤਰ ਰਾਹੀਂ ਇਨ੍ਹਾਂ ਆਰਡੀਨੈਂਸਾਂ ਦਾ ਦੇਸ਼ ਖ਼ਾਸ ਕਰਕੇ ਪੰਜਾਬ ਦੇ ਕਿਸਾਨਾਂ ‘ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨਾਂ ਆਰਡੀਨੈਂਸਾਂ ਰਾਹੀਂ ਸਿਰਫ਼ ਅਤੇ ਸਿਰਫ਼ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹੀ ਹਿੱਤ ਪੂਰੇ ਜਾ ਰਹੇ ਹਨ। ਇਹ ਦੇਸ਼ ਵਿਸ਼ੇਸਕਰ ਪੰਜਾਬ ਅਤੇ ਹਰਿਆਣਾ ਦੇ ‘ਅੰਨ ਦਾਤਾ’ ਨਾਲ ਕੀਤਾ ਜਾ ਰਿਹਾ ਅਣਕਿਆਸਿਆ ਧੋਖਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਆਰਡੀਨੈਂਸ ਸਿਰਫ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਹੀ ਨਹੀਂ ਸਗੋਂ ਆੜਤੀਆਂ, ਮੁਨੀਮਾਂ, ਪੱਲੇਦਾਰਾ ਅਤੇ ਟਰਾਂਸਪੋਰਟਰਾਂ ਦੀ ਵੀ ਹੋਂਦ ਖ਼ਤਮ ਕਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐੱਮ. ਐੱਸ. ਪੀ. ਅਤੇ ਪੰਜਾਬ-ਹਰਿਆਣਾ ਦਾ ਮੰਡੀਕਰਨ ਖ਼ਤਮ ਕਰਨ ਦਾ ਫ਼ੈਸਲਾ ਲੈ ਲਿਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲੋਂ ਇਸ ਦੀ ਘੋਸ਼ਣਾ ਵੀ ਕਰਵਾ ਦਿੱਤੀ ਹੈ।