ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤੀ ਦੇਖਣ ਨੂੰ ਮਿਲ ਰਹੀ ਹੈ। ਤਾਜਾ ਮਾਮਲਾ ਤਰਨਤਾਰਨ ‘ਤੋਂ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਤਰਨਤਾਰਨ ਦੀ ਮਹਿਲਾ ਸਰਪੰਚ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਮਨਰੇਗਾ ਦੇ ਦੋ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮਹਿਲਾ ਨੇ ਇੱਕ ਹੋਰ ਵਿਅਕਤੀ ਅਤੇ ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਫੰਡ ਵਿੱਚ ਹੇਰਾਫੇਰੀ ਕੀਤੀ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਤਰਨਤਾਰਨ ਦੇ ਕੋਟ ਜਸਪਤ ਗ੍ਰਾਮ ਪੰਚਾਇਤ ਦੀ ਸਰਪੰਚ ਅਮਨਦੀਪ ਕੌਰ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਬਾਕੀ ਮੁਲਜ਼ਮ ਮਨਰੇਗਾ ਗ੍ਰਾਮ ਰੁਜ਼ਗਾਰ ਸਹਾਇਕ ਜੋਧਵੀਰ ਸਿੰਘ, ਟੈਕਨੀਕਲ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਵਿਅਕਤੀ ਪ੍ਰੇਮ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਾਲਿਬਾਨ ‘ਚ ਲੜਕੀਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ‘ਤੇ ਰੋਕ, ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਦੱਸ ਦੇਈਏ ਕਿ ਮਹਿਲਾ ਸਰਪੰਚ ਅਤੇ ਹੋਰ ਮੁਲਜ਼ਮਾਂ ਨੇ ਮਿਲ ਕੇ ਪਿੰਡ ਵਿੱਚ ਮਨਰੇਗਾ ਲਈ ਆਏ ਫੰਡਾਂ ਵਿੱਚੋਂ 2,16,510 ਰੁਪਏ ਦੀ ਹੇਰਾਫੇਰੀ ਕੀਤੀ ਸੀ। ਮੁਲਜ਼ਮਾਂ ਨੇ ਮਿਲ ਕੇ ਮਨਰੇਗਾ ਸਕੀਮ ਤਹਿਤ ਪਿੰਡ ਵਿੱਚ ਮਜ਼ਦੂਰਾਂ ਦੇ ਜਾਅਲੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੇ ਜਾਣ-ਪਛਾਣ ਵਾਲੇ ਵਿਅਕਤੀਆਂ ਦੇ ਨਾਂ ’ਤੇ ਦਿਹਾੜੀ ਦੇ ਜਾਅਲੀ ਬਿੱਲ ਬਣਾ ਕੇ ਬੈਂਕ ਵਿੱਚੋਂ ਪੈਸੇ ਕਢਵਾ ਲਏ। ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ IPC ਦੀ ਧਾਰਾ 409, 420, 467, 468, 471, 120-B ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1)A, 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: