Akali Dal demands : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਬਹੁਤ ਗਰਮਾਇਆ ਹੋਇਆ ਹੈ। ਇਸ ਮੁੱਦੇ ‘ਤੇ ਕਾਂਗਰਸ ਪਾਰਟੀ ਦੇ ਆਗੂ ਆਪਸ ਵਿਚ ਹੀ ਬਗਾਵਤ ‘ਤੇ ਉਤਰ ਆਏ ਹਨ। ਸੁਨੀਲ ਜਾਖੜ ਵਲੋਂ ਜ਼ਹਿਰੀਲੀ ਸ਼ਰਾਬ ਮੁੱਦੇ ‘ਤੇ ਦੂਲੋ ਤੇ ਬਾਜਵਾ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦੀ ਵੀ ਗੱਲ ਕਹੀ ਗਈ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਇਜਲਾਸ ‘ਚ ਮੁੱਖ ਮੰਤਰੀ ਵਲੋਂ ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਮੌਤਾਂ ਦਾ ਜ਼ਿੰਮੇਵਾਰ ਕੌਣ ਹੈ?
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਬਕਾਰੀ ਵਿਭਾਗ ਦੇ ਇੰਚਾਰਜ ਹਨ ਇਸ ਲਈ ਇਹਨਾਂ ਹਾਲਾਤਾਂ ਲਈ ਸਿੱਧੇ ਤੌਰ ‘ਤੇ ਉਹ ਖੁਦ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਾਜ ਦੇ ਰਾਜਪਾਲ ਨੂੰ ਮਿਲ ਕੇ ਦੱਸ ਰਹੇ ਹਨ ਕਿ ਇਸ ਮਾਮਲੇ ਦੀ ਸੀ ਬੀ ਆਈ ਦੇ ਨਾਲ ਨਾਲ ਇਨਫੋਰਸਮੈਂਟ ਡਾਇਰੈਕਟੋਰੈਟ ਤੋਂ ਦੋਹਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਵਿਚ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਨਕੇਲ ਪਾਈ ਜਾ ਸਕੇ। ਇਸ ਧੰਦੇ ਕਾਰਨ ਹੀ ਸੂਬੇ ਨੂੰ 5600 ਕਰੋੜ ਰੁਪਏ ਦਾ ਮਾਲੀ ਘਾਟਾ ਵੀ ਪਿਆ ਹੈ ਅਤੇ ਹੁਣ 120 ਕੀਮਤੀ ਜਾਨਾਂ ਜਾ ਚੁੱਕੀਆਂ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਨੂੰ ਇਸ ਗੱਲ ਦਾ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਕਾਂਗਰਸੀ ਅਹੁਦੇਦਾਰਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ‘ਤੇ ਕਾਬੂ ਪਾਉਣ ਵਿਚ ਅਸਫਲ ਕਿਉਂ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ‘ਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ ਜੋ ਕਿ ਲੋਕਾਂ ਨੂੰ ਨਜ਼ਰ ਆਵੇ ਨਹੀਂ ਤਾਂ ਉਹ ਲੋਕਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਅਕਾਲੀ ਦਲ ਵਲੋਂ ਕਿਹਾ ਗਿਆ ਕਿ ਜੇਕਰ ਇਸ ਮੁੱਦੇ ਦਾ ਕੋਈ ਹੱਲ ਨਾ ਨਿਕਲਿਆ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਤਕ ਪੁੱਜਦਾ ਕਰਨਗੇ ਤੇ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਜ਼ਰੂਰ ਲੱਭਣਗੇ।