Announcement of construction : ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੀ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਵਿਚ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤੱਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤੱਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ‘ਤੇ ਇੱਕ ਕਰੋੜ ਰੁਪਏ ਦੀ ਲਾਗਤ ਆਏਗੀ, ਜਿਸ ਦੀ ਮਨਜ਼ੂਰੀ ਲੈ ਲਈ ਗਈ ਹੈ।
ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸ਼ਹੀਦ ਦੇ ਨਾਮ ‘ਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ। ਕੈਬਨਿਟ ਮੰਤਰੀ ਨੇ ਗਲਵਾਨ ਘਾਟੀ ‘ਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ ‘ਚ ਪੜ੍ਹਦੀ ਭਤੀਜੀ ਫ਼ੌਜ ‘ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲੀ ਮਦਦ ਸਿੱਧੀ ਖਾਤੇ ‘ਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਿਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ ‘ਤੇ ਬਣੀ ਹੈ ਜਿਸਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿੱਤਾ ਗਿਆ ਹੈ।