Appeal to change : ਹੁਸ਼ਿਆਰਪੁਰ : ਸੰਗਤਾਂ ਦੀ ਸ਼ਰਧਾ ਨੂੰ ਦੇਖਦੇ ਹੋਏ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਜਿਲ੍ਹੇ ਹੁਸ਼ਿਆਰਪੁਰ ਦਾ ਨਾਂ ਸ੍ਰੀ ਗੁਰੂ ਰਵਿਦਾਸ ਨਗਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮਹਾਰਾਜ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਦੇ ਲਗਭਗ 4 ਸਾਲ ਇਥੇ ਬਿਤਾਏ ਹਨ ਤੇ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਗਰੀਬਾਂ ਤੇ ਬੇਸਹਾਰਿਆਂ ਨੂੰ ਸਵੈਮਾਣ ਨਾਲ ਜੀਵਨ ਜਿਊਣ ਦਾ ਵੀ ਉਪਦੇਸ਼ ਦਿੱਤਾ।
ਸੰਤ ਸਤਵਿੰਦਰ ਹੀਰਾ ਨੇ ਤਰਕ ਦਿੰਦੇ ਹੋਏ ਦੱਸਿਆ ਕਿ ਜਿਸ ਤਰ੍ਹਾਂ ਜਿਲ੍ਹਾ ਫਰੀਦਕੋਟ ਦਾ ਨਾਂ ਬਾਬਾ ਫਰੀਦ ਜੀ ਦੇ ਨਾਂ ‘ਤੇ ਸਨਮਾਨ ਵਜੋਂ ਰੱਖਿਆ ਗਿਆ ਹੈ ਤੇ ਮੋਹਾਲੀ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਅਜੀਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ ਇਸੇ ਤਰ੍ਹਾਂ ਜਿਲ੍ਹਾ ਹੁਸ਼ਿਆਰਪੁਰ ਦਾ ਨਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਜਾਵੇ।
ਜਿਲ੍ਹਾ ਹੁਸ਼ਿਆਰਪੁਰ ਦੇ ਇਤਿਹਾਸਕ ਸਥਾਨਾਂ ਬਾਰੇ ਦੱਸਦੇ ਹੋਏ ਸੰਤ ਸਤਵਿੰਦਰ ਹੀਰਾ ਨੇ ਦੱਸਿਆ ਕਿ ਇਥੇ ਸ੍ਰੀ ਚਰਨ ਚਹੋ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ, ਸ੍ਰੀ ਗੁਰੂ ਰਿਵਦਾਸ ਇਤਿਹਾਸਕ ਧਰਮ ਅਸਥਾਨ ਖੁਰਾਲਗੜ੍ਹ ਸਾਹਿਬ ਤੇ ਮੀਨਾਰ-ਏ-ਬੇਗਮਪੁਰਾ ਵਰਗੇ ਇਤਿਹਾਸਕ ਸਥਾਨ ਹਨ। ਇਸੇ ਲਈ ਉਨ੍ਹਾਂ ਨੇ ਅਪੀਲ ਕੀਤੀ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ੍ਰੀ ਗੁਰੂ ਰਵਿਦਾਸ ਨਗਰ ਰੱਖ ਦਿੱਤਾ ਜਾਵੇ।