Arrived at Khanna : ਅੱਜ ਸ. ਸੁਖਬੀਰ ਸਿੰਘ ਬਾਦਲ ਜ਼ਹਿਰੀਲੀ ਸ਼ਰਾਬ ਮਾਫੀਏ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਖੰਨਾ ਵਿਖੇ ਪੁੱਜੇ। ਇਸ ਮੌਕੇ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ 100 ਤੋਂ ਵਧ ਲੋਕਾਂ ਦੇ ਮੁੱਦੇ ‘ਤੇ ਖਾਸ ਤੌਰ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਕਾਲੀ ਵਰਕਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਕੋਰੋਨਾ ਮਹਾਮਾਰੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਤੇ ਅਜਿਹੀ ਹਾਲਤ ਵਿਚ ਪੰਜਾਬ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਣਾ ਸੱਚਮੁੱਚ ਮੰਦਭਾਗਾ ਹੈ ਪਰ ਕੈਪਟਨ ਸਰਕਾਰ ਵਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਧਰਨੇ ਵਿਚ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਪੁੱਜਣ ‘ਤੇ ਲੋਕਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਨਾਅਰੇ ਲਗਾਏ ਗਏ। ਇਸ ਤੋਂ ਇਲਾਵਾ ਇਸ ਮੌਕੇ ਸਦਰ ਥਾਣਾ ਖੰਨਾ ਵਿੱਚ ਪਿਓ ਪੁੱਤਰ ਅਤੇ ਨੌਕਰ ਨੂੰ ਨੰਗਾ ਕਰਨ ਦਾ ਮਾਮਲਾ ਵੀ ਭਖਿਆ। ਇਥੇ ਇਹ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਥਾਣਾ ਸਦਰ ਵਿਖੇ ਪਿਤਾ-ਪੁੱਤਰ ਤੇ ਇਕ ਹੋਰ ਵਿਅਕਤੀ ਨੂੰ ਥਾਣੇ ‘ਚ ਨੰਗਾ ਕਰ ਕੇ ਉਨ੍ਹਾਂ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੇ ਸਾਬਕਾ ਐਸਐਚਓ ਬਲਜਿੰਦਰ ਸਿੰਘ ਅਤੇ ਹੌਲਦਾਰ ਵਰੁਣ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸਦਰ ਥਾਣੇ ਵਿਚ ਪਿੰਡ ਦਹੇੜੂ ਦੇ ਵਸਨੀਕ ਜਗਪਾਲ ਸਿੰਘ ਜੋਗੀ, ਉਸਦੇ ਪੁੱਤਰ ਗੁਰਵੀਰ ਸਿੰਘ ਤੇ ਨੌਕਰ ਜਸਵੰਤ ਸਿੰਘ ਨੂੰ ਨੰਗਾ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ‘ਚ ਏਡੀਜੀਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ਵਾਲੀ ਐਸਆਈਟੀ ਨੇ ਦਰਜ ਕੀਤਾ। ਮਾਮਲੇ ਦੀ ਅਗਲੀ ਜਾਂਚ ਐਸਆਈਟੀ ਦੇ ਮੈਂਬਰ ਆਈਜੀ ਲੁਧਿਆਣਾ ਨੌਨਿਹਾਲ ਸਿੰਘ ਕਰਨਗੇ।
ਧਰਨੇ ਵਿਚ ਕਿਹਾ ਗਿਆ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਉਨ੍ਹਾਂ ਨਾਲ ਖੜ੍ਹਾ ਹੈ ਤੇ ਜਦੋਂ ਤਕ ਲੋਕਾਂ ਨੂੰ ਇਨਸਾਫ ਨਹੀਂ ਮਿਲਦਾ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਤੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।