Captain directs DGP : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਮਹਾਂਮਾਰੀ ਬਾਰੇ ਲੋਕਾਂ ਵਿੱਚ ਅਫਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਲੋਕਾਂ ਖਿਲਾਫ ਕੇਸ ਦਰਜ ਕੀਤੇ ਜਾਣ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਤੱਤਾਂ ‘ਤੇ ਭਾਰਤ ਵਿੱਚ ਪਾਬੰਦੀ ਲਗਾਉਣ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ। ਇਹ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਅਫਵਾਹ ਫੈਲਾਉਣ ਵਾਲੇ ਅਜਿਹੇ ਤੱਤਾਂ ਖਿਲਾਫ ਮਾਮਲੇ ਦਰਜ ਕਰਨ ਦੀ ਮੁਹਿੰਮ ਦੌਰਾਨ ਜਾਰੀਆਂ ਕੀਤੀਆਂ ਗਈਆਂ ਹਨ।
ਡੀ.ਜੀ.ਪੀ. ਨੇ ਆਖਿਆ ਕਿ ਸਰਕਾਰ ਵੱਲੋਂ ਪਾਰਟੀਆਂ ਕਰਨ ਉਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਲੁਧਿਆਣਾ ਤੇ ਫਗਵਾੜਾ (ਕਪੂਰਥਲਾ) ਵਿਖੇ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ। ਹੁਣ ਤੱਕ 54 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਮੂਨ ਵਾਕ ਰਿਜ਼ੋਰਟ ਦਾ ਮਾਲਕ ਵੀ ਸ਼ਾਮਲ ਹੈ ਜੋ ਲੁਧਿਆਣਾ ਵਿਖੇ ਪੂਲ ਪਾਰਟੀ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਬਸੰਤ ਰੈਸਟੋਰੈਂਟ ਫਗਵਾੜਾ ਦੇ ਮਾਲਕ ਸਣੇ ਫਗਵਾੜਾ ਵਿੱਚ 17 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੈਪਟਨ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ ‘ਚ ਡੀ. ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੇ ਅੰਦਰ (27 ਅਗਸਤ ਤੋਂ 7 ਸਤੰਬਰ ਤੱਕ) ਅਫਵਾਹਾਂ ਫੈਲਾਉਣ ਵਾਲਿਆਂ, ਗੁੰਮਰਾਹਕੁੰਨ ਵੀਡਿਓਜ਼ ਰਾਹੀਂ ਕੋਵਿਡ ਖਿਲਾਫ ਵਿੱਢੀ ਜੰਗ ਵਿੱਚ ਅੜਿੱਕੇ ਢਾਹੁਣ ਅਤੇ ਲੋਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸਹੀ ਤਰੀਕੇ ਨਾਲ ਇਲਾਜ ਕਰਵਾਉਣ ਦੇ ਰਾਹ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ 8 ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਪਟਿਆਲਾ, ਫਿਰੋਜ਼ਪੁਰ, ਮਾਨਸਾ, ਲੁਧਿਆਣਾ ਦਿਹਾਤੀ, ਜਲੰਧਰ ਤੇ ਮੋਗੇ ਤੋਂ ਦਰਜ ਕੀਤੇ ਗਏ ਹਨ।