Captain urges farmers : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਤੇ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰ ਭਾਰਤ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ। ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ।
ਕੋਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕੋਰੋਨਾ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਕਿਰਿਆ, ਜਿਸਨੂੰ ਕਿਸਾਨਾਂ ਵੱਲੋਂ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ।