Captain’s attempt to : ਬੁੱਧਵਾਰ ਨੂੰ ਹੋਈ ਸਰਬ ਪਾਰਟੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਕਿ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ਼੍ਰੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬਾਰੇ ਜੋ ਬਿਆਨ ਜਾਰੀ ਕੀਤਾ ਗਿਆ, ਉਹ ਵਿਸ਼ਵਾਸ ਤੋੜਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਵਿਚ ਤੱਥਾਂ ਨੂੰ ਤੋੜ ਮਰੋੜ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਵੱਲੋਂ ਪੇਸ਼ ਕੀਤੇ ਮਤਿਆਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸੱਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਮਾਇਤ ਆਮ ਆਦਮੀ ਪਾਰਟੀ ਨੇ ਕੀਤੀ।
ਸ਼੍ਰੀ ਬਾਦਲ ਨੇ ਸਰਬ ਪਾਰਟੀ ਮੀਟਿੰਗ ਮੌਕੇ ਆਪਣੇ ਸਾਰੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਵੀ ਮੌਕੇ ‘ਤੇ ਚਲਾਈ ਤਾਂ ਕਿ ਉਨ੍ਹਾਂ ਦਾ ਸੱਚ ਲੋਕਾਂ ਦੇ ਸਾਹਮਣੇ ਆਵੇ ਤੇ ਲੋਕਾਂ ਨੂੰ ਪਤਾ ਲੱਗੇ ਕਿ ਕਿਵੇਂ ਉਨ੍ਹਾਂ ਨੇ ਮੌਕੇ ‘ਤੇ ਕਾਂਗਰਸ ਪਾਰਟੀ ਨੂੰ ਬੇਨਕਾਬ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਵੱਖਰੇ ਤੌਰ ‘ਤੇ ਲਿਖ ਕੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੇ ਬਿਆਨ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਦੀ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿਚ ਖੇਤੀਬਾੜੀ ਬਾਰੇ ਇਹਨਾਂ ਕੇਂਦਰੀ ਆਰਡੀਨੈਂਸਾਂ ਦੇ ਲਾਭ ‘ਤੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੈਂ ਸਰਬ ਪਾਰਟੀ ਮੀਟਿੰਗ ਵਿਚ ਭਰੋਸਾ ਦੁਆਇਆ ਸੀ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਖਤਮ ਨਹੀਂ ਹੋਵੇਗਾ।
ਸ਼੍ਰੀ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਤੁਹਾਡੀ ਸਰਕਾਰ ਨੇ ਅਗਸਤ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਇਸਦੀਆਂ ਮੱਦਾਂ ਕਿਉਂ ਸ਼ਾਮਲ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਸਿੱਧੇ ਮੰਡੀਕਰਨ, ਈ ਟਰੇਨਿੰਗ ਤੇ ਸਾਰੇ ਸੂਬੇ ਲਈ ਇਕ ਹੀ ਲਾਇਸੰਸ ਦੀ ਪ੍ਰਵਾਨਗੀ ਦਿੱਤੀ ਹੈ। ਇਹੀ ਮੱਦਾਂ ਕੇਂਦਰੀ ਆਰਡੀਨੈਂਸ ਵਿਚ ਹੁਣ ਸ਼ਾਮਲ ਹਨ।ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕਰੇਗਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸ ਘਟਾਏ ਜਾਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੇਲ ਕੀਮਤਾਂ ‘ਤੇ ਸੂਬੇ ਦਾ ਵੈਟ ਘਟਾਉਣਾ ਚਾਹੀਦਾ ਹੈ ਕਿਉਂਕਿ ਇਹ ਬਹੁਤ ਜ਼ਿਆਦਾ ਹੈ। ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਸਾਡੇ ਲਈ ਕਿਸਾਨਾਂ ਦਾ ਹਿੱਤ ਸਭ ਤੋਂ ਪਹਿਲਾਂ ਹੈ ਅਤੇ ਉਹ ਇਸ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ।