Congress misleading farmers : ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਨਰਿੰਦਰ ਸਿੰਘ ਤੋਮਰ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (MSP) ਨੂੰ ਖਤਮ ਕਰਨ ਦਾ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਇਹ ਯਕੀਨੀ ਹੋ ਗਿਆ ਹੈ ਕਿ ਝੋਨੇ ਤੇ ਕਣਕ ਦੀ ਖਰੀਦ ਜਾਰੀ ਰਹੇਗੀ ਤੇ ਇਸ ਦੇ ਨਾਲ ਕਾਂਗਰਸ ਪਾਰਟੀ ਦੇ ਝੂਠ ਦਾ ਪਰਦਾਫਾਸ਼ ਹੋਇਆ ਹੈ। ਸਾਬਕਾ ਮੰਤਰੀ ਤੇ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਕੀਤੇ ਸਪਸ਼ਟ ਐਲਾਨ ਨਾਲ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਤੇ ਹੋਰ ‘ਦੋਸਤਾਨਾ’ ਸਿਆਸੀ ਆਗੂਆਂ ਜਿਹਨਾਂ ਨੂੰ ਸਰਬ ਪਾਰਟੀ ਮੀਟਿੰਗ ਵਿਚ ਸੱਦਿਆ ਗਿਆ ਸੀ, ਨੂੰ ਲਿਖਵਾਇਆ ਮਤਾ ਵੀ ਬੇਮਾਇਨਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਪਸ਼ਟ ਤੌਰ ‘ਤੇ ਕਿਹਾ ਹੈ ਕਿ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਇਸੇ ਤਰੀਕੇ ਜਾਰੀ ਰਹੇਗੀ, ਇਸ ਨਾਲ ਕਾਂਗਰਸ ਪਾਰਟੀ ਹੁਣ ਆਪਣੇ ਬਹੁ ਕਰੋੜੀ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਅਤੇ ਕਿਸਾਨਾਂ ਨੂੰ ਮੂਰਖ ਬਣਾਉਣ ਲਈ ਨਿਰੰਤਰ ਝੂਠ ਬੋਲਣ ਦੀ ਸਥਿਤੀ ਵਿਚ ਨਹੀਂ ਰਹੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਨਕਾਰੇ ਨਾ ਜਾ ਸਕਣ ਵਾਲੇ ਤੱਥ ਪੇਸ਼ ਕੀਤੇ ਸਨ ਤੇ ਸਾਬਤ ਕੀਤਾ ਸੀ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਜਾਰੀ ਰਹੇਗਾ। ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਹੈ ਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਖੁਸ਼ਹਾਲੀ ਵਾਸਤੇ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕੋਲ ਵਾਰ ਵਾਰ ਕੀਤੇ ਦਾਅਵਿਆਂ ਦਾ ਕੋਈ ਜਵਾਬ ਨਹੀਂ ਹੈ ਤੇ ਹੁਣ ਉਨ੍ਹਾਂ ਨੇ ਤੱਥਾਂ ਦੀ ਅਣਹੋਂਦ ਵਿਚ ਭਾਵੁਕ ਅਪੀਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਆਪਣੇ ਝੂਠੇ ਤੇ ਗੁੰਮਰਾਹਕੁੰਨ ਦਾਅਵਿਆਂ ਨੂੰ ਜਾਰੀ ਰੱਖ ਸਕਣ।
ਡਾ. ਚੀਮਾ ਨੇ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਹੁਣ ਜਦੋਂ ਖੇਤੀਬਾੜੀ ਮੰਤਰੀ ਨੇ ਸਪਸ਼ਟ ਬਿਆਨ ਦਿੱਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਭਵਿੱਖ ਵਿਚ ਵੀ ਖਤਮ ਨਹੀਂ ਕੀਤੀ ਜਾਵੇਗੀ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਇਸ ਬਿਆਨ ਤੋਂ ਬਾਅਦ ਹੁਣ ਸਾਜ਼ਿਸ਼ ਭਰੀਆਂ ਗੱਲਾਂ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਕੁਝ ਚਿਰ ਬਾਅਦ ਬੰਦ ਹੋ ਜਾਵੇਗਾ, ਨਾਲ ਕਿਸਾਨਾਂ ਨੂੰ ਹੋਰ ਗੁੰਮਰਾਹ ਨਹੀਂ ਕਰ ਸਕਦੇ । ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਕਿਸੇ ਵੀ ਕੀਮਤ ‘ਤੇ ਅਣਗੌਲਿਆ ਨਹੀਂ ਹੋਣ ਦੇਣਗੇ ਤੇ ਇਸ ਲਈ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਕਰਨਗੇ।