Corona’s death at :ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਰੋਜ਼ਾਨਾ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਅੱਜ ਗੁਰਾਇਆ ਵਿਖੇ ਪਿੰਡ ਪੱਦੀ ਜਗੀਰ ‘ਚ ਬਲਵਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਹ ਡਰਾਈਵਰ ਦਾ ਕੰਮ ਕਰਦਾ ਸੀ। ਮੌਤ ਤੋਂ ਬਾਅਦ ਉਸ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਬਲਵਿੰਦਰ ਸਿੰਘ ਦੀ ਮੌਤ ਦੇ ਜੋ ਕਾਰਨ ਦੱਸੇ ਗਏ ਉਹ ਸੁਣ ਕੇ ਸਿਹਤ ਮਹਿਕਮੇ ਦੀ ਅਸਲੀਅਤ ਸਾਰਿਆਂ ਸਾਹਮਣੇ ਉਜਾਗਰ ਹੋ ਗਈ ਹੈ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਲੌਕਡਾਊਨ ਕਾਰਨ ਉਸ ਦੇ ਪਿਤਾ ਘਰ ਵਿਚ ਹੀ ਕਾਫੀ ਦੇਰ ਤੋਂ ਰਹਿ ਰਹੇ ਸਨ ਪਰ ਜਦੋਂ ਪੰਜਾਬ ਸਰਕਾਰ ਵਲੋਂ ਰਾਹਤ ਦਿੱਤੀ ਗਈ ਤਾਂ ਉਹ ਯੂ. ਪੀ. ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਬੱਸ ਵਿਚ ਆਏ, ਜਿਸ ਤੋਂ ਥੋੜ੍ਹੇ ਦਿਨਾਂ ਬਾਅਦ ਉਹ ਬੀਮਾਰ ਰਹਿਣ ਲੱਗੇ । ਚੈਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਤੇ ਉਥੋਂ ਹੀ ਇਕ ਦਿਨ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਤੇ ਸ਼ਨੀਵਾਰ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ।
ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਈ ਵੀ ਵਿਅਕਤੀ ਜਾਂ ਟੀਮ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਨਹੀਂ ਪੁੱਜੀ। ਐਂਬੂਲੈਂਸ ਵਾਲਿਆਂ ਨੇ ਮ੍ਰਿਤਕ ਦੇਹ ਨੂੰ ਮੁਰਦਾ ਘਰ ਤਕ ਲੈ ਕੇ ਜਾਣ ਤੋਂ ਮਨ੍ਹਾ ਕਰ ਦਿੱਤਾ ਤਾਂ 2 ਵਿਅਕਤੀਆਂ ਵਲੋਂ 1800 ਰੁਪਏ ਲੈ ਕੇ ਮ੍ਰਿਤਕ ਦੇਹ ਨੂੰ ਐਂਬੂਲੈਂਸ ਤਕ ਪਹੁੰਚਾਇਆ ਗਿਆ। ਸ਼ਾਮ ਨੂੰ ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪੁੱਜੀ ਤਾਂ ਉਥੇ ਮੈਡੀਕਲ ਡਾਕਟਰ ਬਲਜਿੰਦਰ ਸਿੰਘ ਆਪਣੀ ਮੈਡੀਕਲ ਟੀਮ ਨਾਲ ਪੁੱਜੇ ਸਨ ਪਰ ਉਨ੍ਹਾਂ ਦੀ ਅਰਥੀ ਨੂੰ ਚੁੱਕਣ ਵਾਲਾ ਕੋਈ ਨਹੀਂ ਸੀ ਤੇ ਨਾ ਹੀ ਕੋਈ ਸਸਕਾਰ ਕਰਨ ਵਾਲਾ ਕੋਈ ਸੀ। ਪਰਿਵਾਰਕ ਮੈਂਬਰਾਂ ਵਲੋਂ ਸਿਹਤ ਵਿਭਾਗ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਲਏ ਗਏ ਹਨ ਤੇਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।